JALANDHAR WEATHER

ਬੇਅਦਬੀ ਮਾਮਲੇ ਵਿਚ ਸਿਲੈਕਟ ਕਮੇਟੀ ਦਾ ਹੋਇਆ ਐਲਾਨ

ਚੰਡੀਗੜ੍ਹ, 19 ਜੁਲਾਈ-ਬੇਅਦਬੀ ਮਾਮਲੇ ਵਿਚ ਸਿਲੈਕਟ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 15 ਮੈਂਬਰਾਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ। ਕਮੇਟੀ 6 ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈਕਟ ਕਮੇਟੀ ਗਠਿਤ ਕੀਤੀ ਹੈ।

ਪਵਿੱਤਰ ਗ੍ਰੰਥਾਂ ਦੇ ਅਪਮਾਨ ਨੂੰ ਲੈ ਕੇ ਲਿਆਂਦੇ ਗਏ ਬਿੱਲ ਨੂੰ ਸਿਲੈਕਟ ਕਮੇਟੀ ਹਵਾਲੇ ਕੀਤਾ ਜਾਵੇਗਾ। ਸ਼ਨਿਚਰਵਾਰ ਨੂੰ ਡਾ. ਇੰਦਰਬੀਰ ਸਿੰਘ ਨਿੱਜਰ ਦੀ ਨੁਮਾਇੰਦਗੀ 'ਚ ਇਕ ਸਿਲੈਕਟ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਕਮੇਟੀ ਦਾ ਮਕਸਦ ਪਵਿੱਤਰ ਗ੍ਰੰਥਾਂ ਦੇ ਅਪਮਾਨ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਕਰਨਾ ਤੇ ਇਸ ਬਿੱਲ ਦੇ ਪ੍ਰਸਤਾਵਾਂ 'ਤੇ ਵਿਚਾਰ ਕਰਨਾ ਹੈ। ਸਿਲੈਕਟ ਕਮੇਟੀ ਦੇ ਮੈਂਬਰਾਂ ਨੂੰ ਉਮੀਦ ਹੈ ਕਿ ਉਹ ਇਸ ਮੁੱਦੇ 'ਤੇ ਡੂੰਘਾਈ ਨਾਲ ਵਿਚਾਰ ਕਰਨਗੇ ਤੇ ਸਮਾਜ ਵਿਚ ਸ਼ਾਂਤੀ ਤੇ ਸਹਿਯੋਗ ਨੂੰ ਬਰਕਰਾਰ ਰੱਖਣ ਲਈ ਯੋਗਦਾਨ ਪਾਉਣਗੇ।

ਇਸ ਕਮੇਟੀ ਦੇ ਗਠਨ ਨਾਲ ਲੋਕਾਂ ਅੰਦਰ ਇਹ ਉਮੀਦ ਜਾਗੀ ਹੈ ਕਿ ਪਵਿੱਤਰ ਗ੍ਰੰਥਾਂ ਦੀ ਇੱਜ਼ਤ ਤੇ ਸੁਰੱਖਿਆ ਲਈ ਕਾਨੂੰਨ ਨੂੰ ਮਜ਼ਬੂਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਸਾਲ 2015 ਤੋਂ ਬਾਅਦ ਤੀਜੀ ਅਜਿਹੀ ਸੂਬਾ ਸਰਕਾਰ ਹੈ, ਜਿਸ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਨਵਾਂ ਕਾਨੂੰਨ ਬਣਾਉਣ ਦੀ ਤਿਆਰੀ ਕੀਤੀ ਹੈ।

ਕਮੇਟੀ ਵਿਚ ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਅਜੇ ਗੁਪਤਾ, ਡਾ. ਅਮਨਦੀਪ ਕੌਰ ਅਰੋੜਾ, ਸ਼੍ਰੀਮਤੀ ਇੰਦਰਜੀਤ ਕੌਰ ਮਾਨ, ਜਗਦੀਪ ਕੰਬੋਜ, ਜੰਗੀ ਲਾਲ ਮਹਾਜਨ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼੍ਰੀਮਤੀ ਨੀਨਾ ਮਿੱਤਲ, ਪ੍ਰੋ. ਬਲਜਿੰਦਰ ਕੌਰ, ਪ੍ਰਿੰ. ਬੁੱਧ ਰਾਮ, ਬ੍ਰਹਮ ਸ਼ੰਕਰ ਜਿੰਪਾ, ਸ. ਬਲਵਿੰਦਰ ਸਿੰਘ ਧਾਲੀਵਾਲ, ਮਦਨ ਲਾਲ ਬੱਗਾ, ਸ. ਮਨਪ੍ਰੀਤ ਸਿੰਘ ਇਯਾਲੀ, ਮੁਹੰਮਦ ਜ਼ਮੀਲ ਉਰ ਰਹਿਮਾਨ ਆਦਿ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ