ਗੁਰਦਾਸਪੁਰ ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ


ਗੁਰਦਾਸਪੁਰ, 22 ਜੁਲਾਈ (ਗੁਰਪ੍ਰਤਾਪ ਸਿੰਘ)- ਬੀਤੇ ਦਿਨੀਂ ਪੰਜਾਬ ਵਾਚ ਕੰਪਨੀ ਦੁਕਾਨ ’ਤੇ ਗੋਲੀਆਂ ਚੱਲਣ ਤੋਂ ਬਾਅਦ ਪੁਲਿਸ ਵਲੋਂ ਪੂਰੀ ਮੁਸਤੈਦੀ ਦੇ ਨਾਲ ਗੁਰਦਾਸਪੁਰ ਅੰਦਰ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਸੀ। ਬੀਤੀ ਰਾਤ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਲਗਾਏ ਗਏ ਨਾਕੇ ਦੌਰਾਨ ਪੁਲਿਸ ਨੂੰ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ’ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਿਸ ਵਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਨੌਜਵਾਨ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਭੱਜ ਨਿਕਲਿਆ, ਜਿਸ ਦਾ ਪੁਲਿਸ ਵਲੋਂ ਲੰਮੇ ਸਮੇਂ ਤੱਕ ਪਿੱਛਾ ਕੀਤਾ ਗਿਆ। ਇਸ ਤੋਂ ਬਾਅਦ ਪੁਲਿਸ ਦੀ ਇਕ ਹੋਰ ਟੁਕੜੀ ਉਸ ਦਾ ਪਿੱਛਾ ਕਰਦੀ ਹੋਈ ਬਬਰੀ ਬਾਈਪਾਸ ਅਤੇ ਨਵੀਪੁਰ ਦੇ ਵਿਚਾਲੇ ਪੈਂਦੇ ਗੰਦੇ ਨਾਲੇ ਦੇ ਰਸਤੇ ’ਤੇ ਪਹੁੰਚੀ ਤਾਂ ਉਸ ਵਲੋਂ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਅਦਿੱਤਿਆ ਨੇ ਦੱਸਿਆ ਕਿ ਪੁਲਿਸ ਵਲੋਂ ਉਕਤ ਦੋਸ਼ੀ ਦਾ ਪਿੱਛਾ ਕੀਤਾ ਜਾ ਰਿਹਾ ਸੀ ਕਿ ਉਸ ਵਲੋਂ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਆਪਣੀ ਸੁਰੱਖਿਆ ਲਈ ਪੁਲਿਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ। ਜਿਸ ਦੌਰਾਨ ਉਕਤ ਦੋਸ਼ੀ ਦੀ ਲੱਤ ਵਿਚ ਗੋਲੀ ਲੱਗੀ, ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭਰਤੀ ਕਰਾ ਦਿੱਤਾ ਗਿਆ ਹੈ।
ਐਸ.ਐਸ.ਪੀ. ਗੁਰਦਾਸਪੁਰ ਨੇ ਦੱਸਿਆ ਕਿ ਨੌਜਵਾਨ ਦਾ ਨਾਮ ਰਾਹੁਲ ਗਿੱਲ ਹੈ ਅਤੇ ਉਹ ਗੁਰਦਾਸਪੁਰ ਦੇ ਗੀਤਾ ਭਵਨ ਰੋਡ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਹੀ ਪੰਜਾਬ ਵਾਚ ਕੰਪਨੀ ’ਤੇ ਹੋਏ ਹਮਲੇ ਵਿਚ ਰਾਹੁਲ ਗਿੱਲ ਵਲੋਂ ਦੁਕਾਨ ’ਤੇ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਅੱਜ ਵੀ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲਾ ਸੀ, ਜਿਸ ਨੂੰ ਪੁਲਿਸ ਵਲੋਂ ਰੋਕ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਵਿਚ ਹੋਰ ਘੋਖ ਕਰ ਰਹੀ ਹੈ ਅਤੇ ਇਸ ਮਾਮਲੇ ਵਿਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਆਸ ਹੈ।