ਪੰਜ ਮੈਂਬਰੀ ਭਰਤੀ ਕਮੇਟੀ ਹਲਕਾ ਅਜਨਾਲਾ ਦਾ ਹੋਇਆ ਡੈਲੀਗੇਟ ਇਜਲਾਸ

ਅਜਨਾਲਾ, (ਅੰਮ੍ਰਿਤਸਰ), 28 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਕੀਤੇ ਜਾ ਰਹੇ ਡੈਲੀਗੇਟ ਇਜਲਾਸਾਂ ਦੀ ਲੜੀ ਤਹਿਤ ਅੱਜ ਪੰਜਾਬ ਦੇ ਬਜ਼ੁਰਗ ਸਿਆਸਤਦਾਨ ਤੇ ਸਾਬਕਾ ਸੰਸਦ ਮੈਂਬਰ ਡਾ. ਰਤਨ ਸਿੰਘ ਅਜਨਾਲਾ ਦੀ ਅਗਵਾਈ ਹੇਠ ਹਲਕਾ ਅਜਨਾਲਾ ਦਾ ਡੈਲੀਗੇਟ ਇਜਲਾਸ ਹੋਇਆ, ਜਿਸ ਵਿਚ ਪੰਜ ਮੈਂਬਰੀ ਭਰਤੀ ਕਮੇਟੀ ਮਾਝਾ ਜ਼ੋਨ ਦੇ ਇੰਚਾਰਜ ਬੀਬੀ ਸਤਵੰਤ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਡੈਲੀਗੇਟ ਇਜਲਾਸ ਦੌਰਾਨ ਸਰਬਸੰਮਤੀ ਨਾਲ ਜੈਕਾਰਿਆਂ ਦੀ ਗੂੰਜ ਵਿਚ 32 ਜ਼ਿਲ੍ਹਾ ਅਤੇ 4 ਸਟੇਟ ਡੈਲੀਗੇਟਾਂ ਦੀ ਚੋਣ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਪੂਰੇ ਪੰਜਾਬ ਵਿਚ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਆਗੂਆਂ ਅਤੇ ਵਰਕਰਾਂ ਦੇ ਵਿਚਾਰ ਲੈ ਕੇ 11 ਤਰੀਕ ਨੂੰ ਸਟੇਟ ਡੈਲੀਗੇਟ ਇਜਲਾਸ ਦੌਰਾਨ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।