ਪੰਜ ਸਿੰਘ ਸਾਹਿਬਾਨ ਦੀ 1 ਅਗਸਤ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ

ਅੰਮ੍ਰਿਤਸਰ, 29 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਹਿਮ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ 1 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਸੱਦੀ ਇਕੱਤਰਤਾ ਮੁਲਤਵੀ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 1 ਅਗਸਤ ਦੀ ਇਕੱਤਰਤਾ ਦੌਰਾਨ ਹੀ ਬੀਤੇ ਦਿਨੀਂ ਸ੍ਰੀਨਗਰ ਵਿਖੇ ਹੋਏ ਸ਼ਤਾਬਦੀ ਸਮਾਗਮ ਦੌਰਾਨ ਮਰਿਆਦਾ ਦੇ ਉਲੰਘਣ ਮਾਮਲੇ ’ਚ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੂੰ ਵੀ ਤਲਬ ਕੀਤਾ ਗਿਆ ਸੀ।
ਇਕੱਤਰਤਾ ਮੁਲਤਵੀ ਕਰਨ ਦਾ ਕਾਰਨ, ਜਥੇਦਾਰ ਗੜਗੱਜ ਦੇ ਜੀਜਾ ਸ: ਗੁਰਵਿੰਦਰ ਸਿੰਘ ਦੀ ਸੜਕ ਹਾਦਸੇ ਵਿਚ ਮੌਤ ਹੋਣਾ ਦੱਸਿਆ ਜਾ ਰਿਹਾ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਲਈ ਹੁਣ ਅਗਲੇ ਦਿਨਾਂ ਵਿਚ ਤਾਰੀਖ ਤੈਅ ਕੀਤੀ ਜਾਵੇਗੀ।