ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਨੇ ਵਡਾਲਾ ਕਲਾਂ ਤੋਂ ਟਰੈਕਟਰ ਮਾਰਚ

ਕਪੂਰਥਲਾ, 30 ਜੁਲਾਈ (ਅਮਰਜੀਤ ਕੋਮਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਪਿੰਡ ਵਡਾਲਾ ਕਲਾਂ ਤੋਂ ਟਰੈਕਟਰ ਮਾਰਚ ਕੱਢਿਆ | ਟਰੈਕਟਰ ਮਾਰਚ ਦੀ ਰਵਾਨਗੀ ਤੋਂ ਪਹਿਲਾਂ ਕਿਸਾਨਾਂ ਦੇ ਹੋਏ ਇਕੱਠ ਨੂੰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਬਲਵਿੰਦਰ ਸਿੰਘ ਭੁੱਲਰ, ਸੰਯੁਕਤ ਸਮਾਜ ਮੋਰਚੇ ਦੇ ਆਗੂ ਕੁਲਵੰਤ ਸਿੰਘ ਜੋਸਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ ਤੇ ਹੋਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੈਂਡ ਪੂਲਿੰਗ ਨੀਤੀ ਦੀ ਆੜ ਵਿਚ ਪੰਜਾਬ ਦੀ ਜ਼ਰਖੇਜ਼ ਜ਼ਮੀਨ 'ਤੇ ਕਬਜ਼ਾ ਕਰਕੇ ਕਿਸਾਨਾਂ ਦਾ ਉਜਾੜਾ ਕਰਨਾ ਚਾਹੁੰਦੀ ਹੈ, ਪਰ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਸਰਕਾਰ ਦੀ ਇਸ ਸਾਜ਼ਿਸ਼ ਨੂੰ ਸਫਲ ਨਹੀਂ ਹੋਣ ਦੇਣਗੀਆਂ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪਹਿਲਾਂ ਹੀ ਹਜ਼ਾਰਾਂ ਏਕੜ ਜ਼ਮੀਨ ਐਕਸਪ੍ਰੈੱਸ ਅਧੀਨ ਆ ਚੁੱਕੀ ਹੈ ਤੇ ਹੁਣ ਲੈਂਡ ਪੂਲਿੰਗ ਨੀਤੀ ਤਹਿਤ ਸਰਕਾਰ ਕਿਸਾਨਾਂ ਦੀ ਵਾਹੀ ਯੋਗ ਜ਼ਮੀਨ ਐਕਵਾਇਰ ਕਰਨ ਜਾ ਰਹੀ ਹੈ, ਜਿਸ ਦਾ ਅਸੀਂ ਡੱਟ ਕੇ ਵਿਰੋਧ ਕਰਾਂਗੇ | ਇਸ ਮੌਕੇ ਰੋਹ ਵਿਚ ਆਏ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਦੀ ਮੰਗ ਕੀਤੀ | ਟਰੈਕਟਰ ਮਾਰਚ ਵਡਾਲਾ ਖ਼ੁਰਦ, ਵਡਾਲਾ ਕਲਾਂ, ਮੈਣਵਾਂ ਤੋਂ ਨੂਰਪੁਰ, ਕਾਦੂਪੁਰ, ਡੀ.ਸੀ. ਚੌਂਕ, ਮਾਲ ਰੋਡ, ਸ਼ਿਵ ਮੰਦਿਰ ਕਚਹਿਰੀ ਚੌਂਕ ਤੋਂ ਹੁੰਦਾ ਹੋਇਆ ਸੁਲਤਾਨਪੁਰ ਲੋਧੀ ਰੋਡ 'ਤੇ ਰਮਨੀਕ ਚੌਂਕ ਵਿਚ ਸਮਾਪਤ ਹੋਇਆ | ਮਾਰਚ ਵਿਚ ਵੱਡੀ ਗਿਣਤੀ ਵਿਚ ਕਿਸਾਨ ਟਰੈਕਟਰ ਲੈ ਕੇ ਸ਼ਾਮਲ ਹੋਏ |