ਇੰਗਲੈਂਡ 'ਚ ਐਮ.ਪੀ. ਕੰਗ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂਅ 'ਤੇ ਰੱਖਣ ਦੀ ਮੰਗ ਦੀ ਸ਼ਲਾਘਾ

ਇੰਗਲੈਂਡ, 30 ਜੁਲਾਈ (ਸੁਖਵਿੰਦਰ ਸਿੰਘ ਢੱਡਕੇ)-ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਸਮੇਤ ਕੇਂਦਰ ਸਰਕਾਰ ਵਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ,ਉਥੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿਚ ਨਵੀਂ ਦਿੱਲੀ ਰੇਲਵੇ ਸਟੇਸ਼ਨ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ ਉਤੇ ਰੱਖਣ ਦੀ ਕੀਤੀ ਗਈ ਸ. ਕੰਗ ਵਲੋਂ ਮੰਗ ਦੀ ਵਿਦੇਸ਼ਾਂ ਵਿਚ ਵਸਦੇ ਸਿੱਖ ਭਾਈਚਾਰੇ ਅਤੇ ਸਿੱਖ ਆਗੂਆਂ ਵਲੋਂ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।
ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਆਪਣੇ ਸੰਬੋਧਨ ਰਾਹੀਂ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਕਸ਼ਮੀਰੀ ਪੰਡਿਤਾਂ ਦੀ ਮੰਗ ਤੇ ਉਨ੍ਹਾਂ ਦੇ ਧਰਮ ਨੂੰ ਬਚਾਉਣ ਲਈ ਅੱਜ ਤੋਂ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸ਼ਹਾਦਤ ਦਿੱਤੀ ਸੀ। ਸ. ਕੰਗ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਚਾਂਦਨੀ ਚੌਕ ਵਿਖੇ ਸ਼ਹੀਦ ਕੀਤਾ ਗਿਆ ਸੀ ਅਤੇ ਇਸ ਲਈ ਚਾਂਦਨੀ ਚੌਕ ਦੇ ਨੇੜਲੇ ਨਵੀਂ ਦਿੱਲੀ ਦੇ ਰੇਲਵੇ ਸਟੇਸ਼ਨ ਦਾ ਨਾਂਅ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਂਅ ਉਤੇ ਰੱਖਿਆ ਜਾਵੇ।