‘ਅਜੇ ਅਸੀਂ ਭਾਰਤ ਨਾਲ ਕਰ ਰਹੇ ਹਾਂ ਗੱਲਬਾਤ’- ਟੈਰਿਫ਼ ਡਿਊਟੀ ਦੇ ਐਲਾਨ ਤੋਂ ਬਾਅਦ ਬੋਲੇ ਡੋਨਾਲਡ ਟਰੰਪ

ਵਾਸ਼ਿੰਗਟਨ, ਡੀ.ਸੀ. 31 ਜੁਲਾਈ- 1 ਅਗਸਤ ਤੋਂ ਭਾਰਤ ਤੋਂ ਜਾਣ ਵਾਲੇ ਸਾਰੇ ਉਤਪਾਦਾਂ ’ਤੇ 25 ਫ਼ੀਸਦੀ ਡਿਊਟੀ ਲਗਾਉਣ ਦੇ ਐਲਾਨ ਤੋਂ ਕੁਝ ਘੰਟਿਆਂ ਬਾਅਦ ਹੀ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣਾ ਬਿਆਨ ਬਦਲ ਦਿੱਤਾ ਹੈ। ਪੁੱਛੇ ਗਏ ਇਕ ਸਵਾਲ ਕਿ ਕੀ ਉਹ ਭਾਰਤ ਨਾਲ ਟੈਰਿਫ ’ਤੇ ਗੱਲਬਾਤ ਕਰਨ ਲਈ ਤਿਆਰ ਹਨ? ਟਰੰਪ ਨੇ ਕਿਹਾ ਕਿ ਅਸੀਂ ਹੁਣੇ ਉਨ੍ਹਾਂ ਨਾਲ ਗੱਲ ਕਰ ਰਹੇ ਹਾਂ। ਅਸੀਂ ਦੇਖਾਂਗੇ ਕਿ ਕੀ ਹੁੰਦਾ ਹੈ? ਭਾਰਤ ਦੁਨੀਆ ਵਿਚ ਸਭ ਤੋਂ ਵੱਧ ਜਾਂ ਲਗਭਗ ਸਭ ਤੋਂ ਵੱਧ ਟੈਰਿਫ ਲਗਾਉਣ ਵਾਲਾ ਦੇਸ਼ ਸੀ। ਅਸੀਂ ਦੇਖਾਂਗੇ। ਅਸੀਂ ਅਜੇ ਵੀ ਭਾਰਤ ਨਾਲ ਗੱਲਬਾਤ ਕਰ ਰਹੇ ਹਾਂ।
ਟਰੰਪ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਭਾਰਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਟੈਰਿਫ ਦੇ ਸੰਬੰਧ ਵਿਚ ਦੇਸ਼ ਦੇ ਹਿੱਤ ਵਿਚ ਕੰਮ ਕਰੇਗਾ ਅਤੇ ਭਵਿੱਖ ਦੀ ਰਣਨੀਤੀ ਤੈਅ ਕਰੇਗਾ। ਇਸ ਤੋਂ ਪਹਿਲਾਂ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 1 ਅਗਸਤ ਤੋਂ ਭਾਰਤ ਤੋਂ ਆਯਾਤ ਹੋਣ ਵਾਲੇ ਸਾਰੇ ਉਤਪਾਦਾਂ ’ਤੇ 25 ਪ੍ਰਤੀਸ਼ਤ ਡਿਊਟੀ ਲਗਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਭਾਰਤ ਨੂੰ ਰੂਸ ਤੋਂ ਹਥਿਆਰ ਅਤੇ ਕੱਚਾ ਤੇਲ ਖਰੀਦਣ ’ਤੇ ਵੀ ਜੁਰਮਾਨਾ ਲਗਾਇਆ ਜਾਵੇਗਾ। ਟਰੰਪ ਨੇ ਇਹ ਐਲਾਨ ਉਸ ਸਮੇਂ ਕੀਤਾ ਜਦੋਂ ਇਕ ਦਿਨ ਪਹਿਲਾਂ ਭਾਰਤੀ ਅਧਿਕਾਰੀਆਂ ਨੇ ਕਿਹਾ ਸੀ ਕਿ ਅਮਰੀਕੀ ਵਪਾਰ ਟੀਮ 25 ਅਗਸਤ ਤੋਂ ਵਪਾਰ ਸਮਝੌਤੇ ’ਤੇ ਗੱਲਬਾਤ ਕਰਨ ਲਈ ਭਾਰਤ ਆਵੇਗੀ।