15 ਅਗਸਤ ਨੂੰ ਬਹੁਜਨ ਸਮਾਜ ਪਾਰਟੀ ਪੰਜਾਬ ਬਚਾਓ ਮੁਹਿੰਮ ਤਹਿਤ ਕਰੇਗੀ ਭਰਵਾਂ ਇਕੱਠ

ਰਾਜਪੁਰਾ, 1 ਅਗਸਤ (ਰਣਜੀਤ ਸਿੰਘ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪਟਿਆਲਾ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ 15 ਅਗਸਤ ਨੂੰ ਬਹੁਤ ਵੱਡਾ ਇਕੱਠ ਕਰਨ ਜਾ ਰਹੀ ਹੈ। ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਿਹਤ ਕ੍ਰਾਂਤੀ ਨੂੰ ਲੈ ਕੇ ਅਤੇ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਪੱਤਰਕਾਰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਹਰ ਫਰੰਟ ਉਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕ ਜਾਗ ਚੁੱਕੇ ਹਨ ਜਨਤਾ ਨੇ ਬੀਤੇ 7 ਦਹਾਕਿਆਂ ਤੋਂ ਵੀ ਵੱਧ ਸਮੇਂ ਦੌਰਾਨ ਕਾਂਗਰਸ, ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਨੂੰ ਰਾਜ ਦੇ ਕੇ ਵੇਖ ਲਿਆ ਹੈ ਪਰ ਸਾਰੀਆਂ ਪਾਰਟੀਆਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ। ਇਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਬਸਪਾ ਵਿਚ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦਾ ਅਵਤਾਰ ਸਿੰਘ ਕਰੀਮਪੁਰੀ ਨੇ ਪਾਰਟੀ ਚਿੰਨ੍ਹ ਪਾ ਕੇ ਭਰਵਾਂ ਸਵਾਗਤ ਕੀਤਾ।