ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਅਧਿਕਾਰੀ ਸਰਗਰਮ ਭੂਮਿਕਾ ਨਿਭਾਉਣ - ਬਾਲਕ੍ਰਿਸ਼ਨ ਗੋਇਲ

ਕਪੂਰਥਲਾ, 8 ਅਗਸਤ (ਅਮਰਜੀਤ ਕੋਮਲ)-ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਰਗਰਮ ਭੂਮਿਕਾ ਨਿਭਾਉਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਲਕ੍ਰਿਸ਼ਨ ਗੋਇਲ ਵਿਸ਼ੇਸ਼ ਨਿਰੀਖਕ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਜਾ ਕੇ ਮਨੁੱਖੀ ਅਧਿਕਾਰਾਂ ਦੀ ਰਾਖੀ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਲੋਕਾਂ ਨੂੰ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਉਣ ਦੀ ਆਸਾਨ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਕਮਿਸ਼ਨ ਦੇ ਵਿਸ਼ੇਸ਼ ਨਿਰੀਖਕ ਨੇ ਕਿਹਾ ਕਿ ਕਮਿਸ਼ਨ ਕੋਲ ਸ਼ਿਕਾਇਤ ਲਈ ਨਾ ਕੋਈ ਫ਼ੀਸ ਦੀ ਲੋੜ ਹੈ ਅਤੇ ਨਾ ਹੀ ਕਿਸੇ ਵਕੀਲ ਦੀ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸੰਭਾਵੀ ਤੌਰ 'ਤੇ ਮਨੁੱਖੀ ਅਧਿਕਾਰਾਂ ਬਾਰੇ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਜੇਲ੍ਹ, ਥਾਣਾ, ਸਕੂਲਾਂ, ਹਸਪਤਾਲਾਂ ਦੀ ਵਿਸ਼ੇਸ਼ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ। ਸੀਨੀਅਰ ਸਿਟੀਜ਼ਨ ਦੇ ਅਧਿਕਾਰਾਂ ਦੀ ਰਾਖੀ ਸਬੰਧੀ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਨੂੰ ਸਭ ਤੋਂ ਪਹਿਲਾਂ ਸੀਨੀਅਰ ਸਿਟੀਜ਼ਨ ਬਾਰੇ ਹਮਦਰਦੀ ਵਾਲਾ ਰਵੱਈਆ ਅਖ਼ਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਫ਼ੈਕਟਰੀ ਵਿਚ ਬਾਲ ਮਜ਼ਦੂਰੀ ਨੂੰ ਰੋਕਣ ਲਈ ਸਰਗਰਮੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਪੀਣ ਵਾਲੇ ਪਾਣੀ ਦੀ ਲਗਾਤਾਰ ਜਾਂਚ ਕਰਨ ਉਤੇ ਕੇਂਦਰੀ ਜੇਲ੍ਹ ਵਿਚ ਬੰਦ ਬੱਚਿਆਂ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕੇ ਜਾਣ। ਬਾਲਕ੍ਰਿਸ਼ਨ ਗੋਪਾਲ ਨੇ ਕੇਂਦਰੀ ਜੇਲ੍ਹ ਕਪੂਰਥਲਾ ਦਾ ਦੌਰਾ ਕਰਕੇ ਮਨੁੱਖੀ ਅਧਿਕਾਰਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਵੀ ਕੀਤੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਕਮਿਸ਼ਨ ਦੇ ਵਿਸ਼ੇਸ਼ ਨਿਰੀਖਕ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਯਕੀਨੀ ਬਣਾਈ ਜਾਵੇਗੀ।