ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਬਾਬਾ ਕੜਾਹਾ ਮੱਲ ਦੀ ਯਾਦ 'ਚ ਵਿਸ਼ਾਲ ਧਾਰਮਿਕ ਸਮਾਗਮ

ਮਹਿਲ ਕਲਾਂ,10 ਅਗਸਤ (ਅਵਤਾਰ ਸਿੰਘ ਅਣਖੀ)-ਮੀਰੀ-ਪੀਰੀ ਦੇ ਮਾਲਿਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਾਬਾ ਕੜਾਹਾ ਮੱਲ ਮਹਿਲ ਕਲਾਂ ਦੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ, ਕਥਾ ਵਾਚਕ ਭਾਈ ਮਹਿੰਦਰ ਸਿੰਘ ਗੁਰਦੁਆਰਾ ਟਾਹਲੀਆਣਾ ਸਾਹਿਬ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਛੇਵੇਂ ਪਾਤਸ਼ਾਹ ਜੀ ਦੇ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਣ ਦੀ ਅਪੀਲ ਕੀਤੀ। ਵਿਸ਼ੇਸ਼ ਤੌਰ ਸ਼ਾਮਿਲ ਹੋਏ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਬਾਬਾ ਕੜਾਹਾ ਮੱਲ ਨੂੰ ਸਿੱਜਦਾ ਕਰਦਿਆ ਇਹ ਧਾਰਮਿਕ ਸਮਾਗਮ ਵਿਸ਼ਾਲ ਪੱਧਰ 'ਤੇ ਮਨਾਉਣ ਦੀ ਅਪੀਲ ਕੀਤੀ। ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਮੈਂਬਰ ਅੰਤ੍ਰਿਗ ਕਮੇਟੀ ਨੇ ਸਮੂਹ ਪ੍ਰਬੰਧਕਾਂ ਨੂੰ ਇਸ ਉੱਦਮ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਕੜਾਹਾ ਮੱਲ ਨੇ ਉਸ ਸਮੇਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਹਿਲ ਕਲਾਂ ਚਰਨ ਛੋਹ ਬਖਸ਼ਿਸ਼ ਕਰਨ ਸਮੇਂ ਸ਼ਰਧਾ ਭਾਵਨਾ ਨਾਲ ਸੇਵਾ ਕਰਕੇ ਖੁਸ਼ੀਆਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਅਤੇ ਸਮਾਜਿਕ ਅਲਾਮਤਾਂ ਤੋਂ ਬਚਾ ਕੇ ਗੁਰਮਤਿ ਨਾਲ ਜੋੜਣਾ ਸਮੇਂ ਦੀ ਮੁੱਖ ਲੋੜ ਹੈ। ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਨੂੰ ਮਿਲ ਬੈਠਣ, ਭਾਈਚਾਰਕ ਸਾਂਝ ਨੂੰ ਤਕੜਾ ਕਰਨ ਅਤੇ ਗੁਰਮਤਿ ਨਾਲ ਜੁੜਣ ਲਈ ਪ੍ਰੇਰਿਤ ਕਰਦੇ ਰਹਿਣਾ ਚਾਹੀਦਾ ਹੈ । ਉਨ੍ਹਾਂ ਵੱਖ-ਵੱਖ ਆਗੂਆਂ ਤੇ ਸਮੂਹ ਸੰਗਤਾਂ ਦਾ ਉਚੇਚਾ ਧੰਨਵਾਦ ਕੀਤਾ। ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ, ਗਿਆਨੀ ਸਤਨਾਮ ਸਿੰਘ ਤੇ ਸਮੂਹ ਪ੍ਰਬੰਧਕਾਂ ਵਲੋਂ ਪ੍ਰਮੁੱਖ ਸਖ਼ਸ਼ੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।