ਰਾਵੀ ਦਰਿਆ ਵਿਚ ਵੱਧ ਪਾਣੀ ਛੱਡੇ ਜਾਣ ਤੋਂ ਬਾਅਦ ਵਿਧਾਇਕ ਧਾਲੀਵਾਲ ਵਲੋਂ ਰਾਵੀ ਦਰਿਆ 'ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜਨਾਲਾ, ਰਮਦਾਸ, ਗੱਗੋਮਾਹਲ , 17 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)- ਜੰਮੂ ਕਸ਼ਮੀਰ ਵਿਚ ਹੋ ਰਹੀ ਭਾਰੀ ਬਾਰਿਸ਼ ਅਤੇ ਅੱਜ ਕਠੂਆ ਵਿਚ ਬੱਦਲ ਫਟਣ ਤੋਂ ਬਾਅਦ ਰਾਵੀ ਦਰਿਆ ਵਿਚ ਵੱਧ ਪਾਣੀ ਛੱਡੇ ਜਾਣ 'ਤੇ ਸੰਭਾਵਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਅਤੇ ਹੜ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਰਾਵੀ ਦਰਿਆ ਦੇ ਕੰਢੇ 'ਤੇ ਪੈਂਦੀ ਚੰਡੀਗੜ੍ਹ ਪੋਸਟ 'ਤੇ ਪੁੱਜੇ। ਜਿੱਥੇ ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਉਹਨਾਂ ਰਾਵੀ ਦਰਿਆ ਤੋਂ ਪਾਰ ਗਏ ਲੋਕਾਂ ਨੂੰ ਤੁਰੰਤ ਵਾਪਸ ਆਪਣੇ ਘਰਾਂ 'ਚ ਆਉਣ ਦੀ ਵੀ ਅਪੀਲ ਕੀਤੀ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ । ਉਨ੍ਹਾਂ ਦੱਸਿਆ ਕਿ ਅੱਜ ਉੱਜ ਦਰਿਆ 'ਚੋਂ 1.50 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ ਜੋ ਰਾਤ ਤਕ ਇਥੇ ਪੁੱਜਣ ਦੀ ਸੰਭਾਵਨਾ ਹੈ ।