ਕੇਂਦਰੀ ਗ੍ਰਹਿ ਮੰਤਰੀ ਨੇ ਲੋਕ ਸਭਾ ’ਚ ਪੇਸ਼ ਕੀਤੇ ਤਿੰਨ ਬਿੱਲ

ਨਵੀਂ ਦਿੱਲੀ, 20 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਸੰਵਿਧਾਨ (ਇਕ ਸੌ ਤੇਤੀਵਾਂ ਸੋਧ) ਬਿੱਲ, 2025, ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰ (ਸੋਧ) ਬਿੱਲ, 2025, ਜੰਮੂ-ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025 ਪੇਸ਼ ਕੀਤੇ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੇਸ਼ ਕੀਤੇ ਗਏ ਬਿੱਲਾਂ ਦਾ ਉਦੇਸ਼ ਇਹ ਹੈ ਕਿ ਜੇਕਰ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀ, ਕਿਸੇ ਰਾਜ ਦੇ ਮੁੱਖ ਮੰਤਰੀ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਦੇ ਮੰਤਰੀ ਨੂੰ ਗੰਭੀਰ ਅਪਰਾਧਿਕ ਮਾਮਲਿਆਂ ਵਿਚ ਗ੍ਰਿਫ਼ਤਾਰ ਜਾਂ ਹਿਰਾਸਤ ਵਿਚ ਲਿਆ ਜਾਂਦਾ ਹੈ, ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾ ਸਕਦਾ ਹੈ। ਵਿਰੋਧੀ ਧਿਰ ਵਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿੰਨੋਂ ਬਿੱਲਾਂ ਨੂੰ ਸੰਯੁਕਤ ਸੰਸਦੀ ਕਮੇਟੀ ਨੂੰ ਭੇਜਣ ਦੀ ਸਿਫ਼ਾਰਸ਼ ਕੀਤੀ। ਇਸ ਦੌਰਾਨ ਵਿਰੋਧੀ ਧਿਰ ਨੇ ਕਾਫ਼ੀ ਹੰਗਾਮਾ ਕੀਤਾ। ਵਿਰੋਧੀ ਧਿਰ ਵਲੋਂ ਬਿੱਲ ਦੀ ਕਾਪੀ ਪਾੜ ਦਿੱਤੀ ਗਈ ਅਤੇ ਕੇਂਦਰੀ ਗ੍ਰਹਿ ਮੰਤਰੀ ਵੱਲ ਸੁੱਟ ਦਿੱਤੀ ਗਈ। ਇਸ ਤੋਂ ਬਾਅਦ ਕਾਰਵਾਈ ਕੁਝ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ।
ਮੁੜ ਸ਼ੁਰੂ ਹੋਈ ਕਾਰਵਾਈ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੇਸ਼ ਕੀਤੇ ਗਏ ਸੰਵਿਧਾਨ (ਇਕ ਸੌ ਤੇਤੀਵਾਂ ਸੋਧ) ਬਿੱਲ, 2025, ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰ (ਸੋਧ) ਬਿੱਲ, 2025, ਜੰਮੂ ਅਤੇ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025 ਨੂੰ ਸੰਯੁਕਤ ਸੰਸਦੀ ਕਮੇਟੀ ਨੂੰ ਭੇਜਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਤਿੰਨੋਂ ਬਿੱਲਾਂ ਨੂੰ ਸੰਯੁਕਤ ਸੰਸਦੀ ਕਮੇਟੀ ਨੂੰ ਭੇਜਣ ਦਾ ਪ੍ਰਸਤਾਵ ਲੋਕ ਸਭਾ ਨੇ ਪਾਸ ਕਰ ਦਿੱਤਾ।