ਪਠਾਨਕੋਟ ਦੇ ਭਾਜਪਾ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਪੁਲਿਸ ਨੇ ਘਰ ਵਿਚ ਕੀਤਾ ਨਜ਼ਰਬੰਦ


ਪਠਾਨਕੋਟ, 21 ਅਗਸਤ (ਵਿਨੋਦ)- ਜ਼ਿਲਾ ਪਠਾਨਕੋਟ ਦੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਪੁਲਿਸ ਵਲੋਂ ਉਨ੍ਹਾਂ ਦੇ ਘਰ ਪਠਾਨਕੋਟ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਸੁਰੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਹਲਕਾ ਭੋਆ ਵਿਚ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸੰਬੰਧੀ ਇਕ ਕੈਂਪ ਲਗਾਇਆ ਜਾ ਰਿਹਾ ਸੀ, ਜਿਸ ਵਿਚ ਆਯੁਸ਼ਮਾਨ ਕਾਰਡ, ਆਧਾਰ ਕਾਰਡ ਅਤੇ ਹੋਰ ਕੇਂਦਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣੀ ਸੀ, ਪਰ ਪੰਜਾਬ ਦੀ ਆਮ ਆਦਮੀ ਪਾਰਟੀ ਨੂੰ ਇਹ ਸਭ ਗਵਾਰਾ ਨਹੀਂ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੇ ਕੈਂਪ ਨੂੰ ਰੋਕਣ ਲਈ ਭਾਜਪਾ ਨੇਤਾ ਨੂੰ ਪੁਲਿਸ ਬਲ ਦਾ ਪ੍ਰਯੋਗ ਕਰਕੇ ਉਨ੍ਹਾਂ ਦੇ ਘਰ ਵਿਚ ਨਜ਼ਰਬੰਦ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦੇ ਸਕਦੀ ਹੈ ਤਾਂ ਭਾਜਪਾ ਵਰਕਰ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਉਂ ਨਹੀਂ ਦੱਸ ਸਕਦੇ।
ਉਨ੍ਹਾਂ ਦੱਸਿਆ ਕਿ ਅਸੀਂ ਲੋਕਾਂ ਨੂੰ ਸੁਵਿਧਾਵਾਂ ਦੇਣ ਲਈ ਕੈਂਪ ਲਗਾ ਰਹੇ ਹਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁਵਿਧਾ ਦੇਣ ਤੋਂ ਰੋਕ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਵਰਕਰ ਆਮ ਆਦਮੀ ਪਾਰਟੀ ਦੀ ਇਨ੍ਹਾਂ ਹਰਕਤਾਂ ਤੋਂ ਡਰਨ ਵਾਲੇ ਨਹੀਂ ਹਨ ਅਤੇ ਉਹ ਕੇਂਦਰ ਅਤੇ ਭਾਜਪਾ ਦੀਆਂ ਨੀਤੀਆਂ ਲੋਕਾਂ ਦੇ ਘਰ ਘਰ ਪਹੁੰਚਾ ਕੇ ਰਹਿਣਗੇ। ਇਸ ਮੌਕੇ ’ਤੇ ਭਾਜਪਾ ਵਰਕਰਾਂ ਵਲੋਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।