ਸਿਹਤ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੀਮਾਰੀਆਂ ਦੀ ਰੋਕਥਾਮ ਲਈ ਪ੍ਰਬੰਧ ਤੇਜ਼ ਕਰਨ ਦੇ ਹੁਕਮ

ਕਪੂਰਥਲਾ, 21 ਅਗਸਤ (ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ)-ਦਰਿਆ ਬਿਆਸ ਦੀ ਮਾਰ ਹੇਠ ਆਏ ਸੁਲਤਾਨਪੁਰ ਲੋਧੀ ਨਾਲ ਸਬੰਧਿਤ ਪਿੰਡਾਂ ਵਿਚ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬੀਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਡੇਂਗੂ, ਡਾਇਰੀਆ ਤੇ ਚਿਕਨਗੁਨੀਆ ਦੀ ਰੋਕਥਾਮ ਲਈ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਡਾਕਟਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਵੀ ਜਾਗਰੂਕਤਾ ਮੁਹਿੰਮ ਚਲਾਉਣ ਦੇ ਨਾਲ-ਨਾਲ ਫੌਗਿੰਗ ਵੀ ਕਰਵਾਈ ਜਾ ਰਹੀ ਹੈ।