ਅੰਮ੍ਰਿਤਸਰ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ


ਵੇਰਕਾ, ਅਜਨਾਲਾ (ਅੰਮ੍ਰਿਤਸਰ), 22 ਅਗਸਤ (ਪਰਮਜੀਤ ਸਿੰਘ ਬੱਗਾ/ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਮੋਦੀ ਦੀਾਂ ਯੋਜਨਾਵਾਂ ਨੂੰ ਜਨਤਾ ਤੱਕ ਪਹੁੰਚਾਉਣ ਤੋਂ ਰੋਕੇ ਜਾਣ ਅਤੇ ਭਾਜਪਾ ਵਰਕਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲਏ ਜਾਣ ਦੇ ਵਿਰੋਧ ਵਿਚ ਅੱਜ ਅੰਮ੍ਰਿਤਸਰ ਦੇ ਮਜੀਠਾ ’ਤੇ ਪੈਂਦੇ ਖੰਡੇ ਵਾਲਾ ਚੌਕ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਹੋਏ ਭਾਜਪਾ ਵਰਕਰਾਂ ਨੇ ਸੀਨੀਅਰ ਭਾਜਪਾ ਆਗੂ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਅਤੇ ਹਲਕਾ ਉਤਰੀ ਦੇ ਇੰਚਾਰਜ ਸੁਖਵਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆ ਪੁਤਲਾ ਫੂਕਿਆ ਗਿਆ।
ਇਸ ਤਰ੍ਹਾਂ ਹੀ ਅਜਨਾਲਾ ਸ਼ਹਿਰ ਵਿਚ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਕ ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਅਗਵਾਈ 'ਚ ਭਾਜਪਾ ਕਾਰਕੁਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਪੁਤਲਾ ਸਾੜਿਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਪੁਲਿਸ ਬਲ ਰਾਹੀਂ ਜਾਣਬੁੱਝ ਕੇ ਲੋਕਾਂ ਨੂੰ ਕੇਂਦਰੀ ਸਕੀਮਾਂ ਦਾ ਲਾਭ ਦੇਣ ਤੋਂ ਰੋਕ ਰਹੀ ਹੈ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ ਤੇ ਜਨ ਸੁਵਿਧਾ ਕੈਂਪਾਂ ਰਾਹੀਂ ਸੂਬੇ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ।