ਮਜੀਠੀਆ ਮਾਮਲੇ ਵਿਚ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ

ਐੱਸ. ਏ. ਐੱਸ. ਨਗਰ, 22 ਅਗਸਤ (ਕਪਿਲ ਵਧਵਾ)– ਵਿਜੀਲੈਂਸ ਬਿਊਰੋ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਸੰਬੰਧੀ ਮੁਹਾਲੀ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਹੈ।
ਸੂਤਰਾਂ ਅਨੁਸਾਰ, ਵਿਜੀਲੈਂਸ ਨੇ ਇਸ ਮਾਮਲੇ ਦੀ ਜਾਂਚ ਦੌਰਾਨ 200 ਤੋਂ ਵੱਧ ਗਵਾਹ ਸ਼ਾਮਿਲ ਕੀਤੇ ਹਨ ਅਤੇ 400 ਤੋਂ ਵੱਧ ਬੈਂਕ ਖਾਤਿਆਂ ਦੀ ਪੂਰੀ ਜਾਂਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਤਿਆਰ ਕੀਤੀ ਗਈ ਚਾਰਜਸ਼ੀਟ 40 ਹਜ਼ਾਰ ਤੋਂ ਵੱਧ ਪੰਨਿਆਂ ਦੀ ਹੈ, ਜੋ ਅਦਾਲਤ ਵਿਚ ਪੇਸ਼ ਕੀਤੀ ਗਈ ਹੈ।
ਇਸ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਬਚਾਅ ਪੱਖ ਨੇ ਕਿਹਾ ਹੈ ਕਿ ਪੇਸ਼ ਕੀਤੇ ਗਏ ਚਲਾਨ ਦੀ ਸਮੱਗਰੀ ਦਾ ਅਧਿਐਨ ਕਰਕੇ ਉਹ ਅਗਲੇਰੀ ਕਰਵਾਈ ਦੀ ਤਿਆਰੀ ਕਰਨਗੇ। ਜ਼ਿਕਰਯੋਗ ਹੈ ਕਿ ਵਿਜੀਲੈਂਸ ਨੇ 25 ਜੂਨ ਨੂੰ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ, ਇਹ ਮਾਮਲਾ ਪੰਜਾਬ ਦੀ ਰਾਜਨੀਤੀ ਵਿਚ ਸੁਰਖੀਆਂ ਵਿਚ ਰਿਹਾ ਹੈ।
ਵਿਜੀਲੈਂਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕਰਨ ਦੇ 59 ਦਿਨਾਂ ਬਾਅਦ ਦੋਸ਼ ਪੱਤਰ ਕੀਤਾ ਦਾਇਰ। ਇਸ ਮੌਕੇ ਸਰਕਾਰੀ ਵਕੀਲ ਫੈਰੀ ਸੋਫਤ ਨੇ ਕਿਹਾ ਕਿ ਪੰਜਾਬ ਵਿਜੀਲੈਂਸ ਬਿਊਰੋ ਕੋਲ ਪੁਖਤਾ ਸਬੂਤ ਮਾਮਲੇ ਦੀ ਸ਼ੁਰੂ ਤੋਂ ਮੌਜੂਦ ਸਨ, ਉਨ੍ਹਾਂ ਕਿਹਾ ਕਿ ਇਸਤਗਾਸਾ ਪੱਖ ਨੇ ਮਿਆਰੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਮਾਮਲੇ ਨਾਲ ਜੁੜੇ ਸਾਰੇ ਸਬੂਤ ਦੋਸ਼ ਪੱਤਰ ਨਾਲ ਨੱਥੀ ਕਰ ਦਾਇਰ ਕੀਤੇ ਹਨ।