ਸੀ.ਐਮ. ਮਾਨ ਵਲੋਂ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ

ਕਪੂਰਥਲਾ, 22 ਅਗਸਤ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਬਾਅਦ ਵਿਚ ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕੀਤਾ। ਮੰਡ ਖੇਤਰ ਦੇ ਟਾਪੂਨੁਮਾ ਪਿੰਡਾਂ ਨੂੰ ਜਾਂਦੇ ਪੁਲ 'ਤੇ ਮੁੱਖ ਮੰਤਰੀ ਨੂੰ ਡਰੇਨੇਜ਼ ਵਿਭਾਗ ਦੇ ਅਧਿਕਾਰੀਆਂ ਨੇ ਹੜ੍ਹ ਦੀ ਸਥਿਤੀ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਪੰਜਾਬ ਦੇ ਮਾਲ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ, ਉੱਘੇ ਵਾਤਾਵਰਣ ਪ੍ਰੇਮੀ ਤੇ ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ, ਡੀ.ਆਈ.ਜੀ. ਰਾਜਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਗੌਰਵ ਤੂਰਾ, 'ਆਪ' ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਅਰਜਨਾ ਐਵਾਰਡੀ, ਕਪੂਰਥਲਾ ਹਲਕੇ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਫਗਵਾੜਾ ਹਲਕੇ ਦੇ ਇੰਚਾਰਜ ਹਰਜੀ ਮਾਨ ਤੇ ਭੁਲੱਥ ਹਲਕੇ ਦੇ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਤੋਂ ਇਲਾਵਾ ਆਮ ਆਦਮੀ ਪਾਰਟੀ ਨਾਲ ਸਬੰਧਿਤ ਆਗੂ ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਅਧਿਕਾਰੀ ਹਾਜ਼ਰ ਸਨ।