ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਖਾਦ ਨਾਲ ਸਬੰਧਿਤ ਪ੍ਰਾਈਵੇਟ ਡੀਲਰਾਂ ਦੀ ਅਚਨਚੇਤ ਚੈਕਿੰਗ

ਅਜਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸੀ ਸਾਹਨੀ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਨੂੰ ਫ਼ਸਲਾਂ ਦੀ ਕਾਸ਼ਤ ਅਤੇ ਵਾਧੇ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਅਤੇ ਇਨ੍ਹੀਂ ਦਿਨੀਂ ਖਾਦਾਂ ਦੀ ਕਾਲਾਬਜ਼ਾਰੀ ਨੂੰ ਰੋਕਣ ਲਈ ਅੱਜ ਅਜਨਾਲਾ ਵਿਖੇ ਖੇਤੀਬਾੜੀ ਵਿਭਾਗ ਦੀਆਂ ਵਿਸ਼ੇਸ਼ ਚੈਕਿੰਗ ਟੀਮਾਂ ਵਲੋਂ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਨਾਲ ਸਬੰਧਿਤ ਰਿਕਾਰਡ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਖ਼ੋਰੀ ਨੂੰ ਰੋਕਿਆ ਜਾ ਸਕੇ।
ਬਲਾਕ ਖੇਤੀਬਾੜੀ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਅਜਨਾਲਾ ਵਿਚ ਪ੍ਰਾਈਵੇਟ ਖਾਦ ਡੀਲਰਾਂ ਕੋਲੋਂ ਖਾਦ ਦੇ ਸਟਾਕ ਅਤੇ ਰਿਕਾਰਡ ਦੀ ਚੈਕਿੰਗ ਕੀਤੀ ਗਈ ਅਤੇ ਕਿਸਾਨਾਂ ਪਾਸੋਂ ਯੂਰੀਆ ਖਾਦ ਪ੍ਰਾਪਤ ਕਰਨ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ. ਮਸ਼ੀਨਾਂ ਵਿਚੋਂ ਵਿਕਰੀ ਕੀਤੀ ਖਾਦ ਦਾ ਸਟਾਕ ਨਿੱਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੀ.ਓ.ਐਸ. ਮਸ਼ੀਨਾਂ ਅਤੇ ਅਣਵਿੱਕੀ ਖਾਦ ਦਾ ਸਟਾਕ ਇਕਸਾਰ ਹੋਵੇ। ਉਨ੍ਹਾਂ ਡੀਲਰਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੂਰੇ ਕਰਕੇ ਰੱਖਣ ਅਤੇ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਸਟਾਕ ਬੋਰਡ ਉੱਪਰ ਰੋਜ਼ਾਨਾ ਖਾਦ ਦਾ ਸਟਾਕ ਅਤੇ ਰੇਟ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਡੀਲਰਾਂ ਵਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿੱਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਦੀ ਵਿੱਕਰੀ ਹੀ ਕਿਸਾਨਾਂ ਨੂੰ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ, ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ/ ਬੀਜ/ ਦਵਾਈ ਨਾਲ ਸਬੰਧਿਤ ਐਕਟ/ ਕੰਟਰੋਲ ਆਰਡਰ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਦਵਾਈ ਅਤੇ ਬੀਜ ਖ਼ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਵਿਕ੍ਰੇਤਾ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ਉਤੇ ਸ਼ਿਕਾਇਤ ਸਬੰਧਿਤ ਖੇਤੀਬਾੜੀ ਦਫ਼ਤਰ ਵਿਖੇ ਕਰ ਸਕਦੇ ਹਨ।