ਹਰਿਆਣਾ ਵਿਚ ਲਾਡੋ ਲਕਸ਼ਮੀ ਯੋਜਨਾ ਲਾਗੂ: ਔਰਤਾਂ ਨੂੰ 25 ਸਤੰਬਰ ਤੋਂ ਮਿਲਣਗੇ 2100 ਰੁਪਏ

ਚੰਡੀਗੜ੍ਹ, 28 ਅਗਸਤ- ਹਰਿਆਣਾ ਵਿਚ ਦੀਨ ਦਿਆਲ ਉਪਾਧਿਆਏ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਯੋਜਨਾ 25 ਸਤੰਬਰ ਤੋਂ ਲਾਗੂ ਹੋਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿਚ ਕੀਤਾ ਗਿਆ।
ਕੈਬਨਿਟ ਮੀਟਿੰਗ ਤੋਂ ਬਾਅਦ ਇਕ ਪ੍ਰੈਸ ਕਾਨਫ਼ਰੰਸ ਵਿਚ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਕੈਬਨਿਟ ਨੇ ਔਰਤਾਂ ਦੀ ਸਮਾਜਿਕ ਸੁਰੱਖਿਆ ਅਤੇ ਸਨਮਾਨ ਲਈ ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਯੋਜਨਾ 25 ਸਤੰਬਰ, 2025 ਤੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੀ ਜਨਮ ਵਰ੍ਹੇਗੰਢ ’ਤੇ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। 25 ਸਤੰਬਰ ਨੂੰ ਹਰਿਆਣਾ ਦੀਆਂ 23 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਵਿਆਹੀਆਂ ਅਤੇ ਅਣ-ਵਿਆਹੀਆਂ ਦੋਵਾਂ ਔਰਤਾਂ ਨੂੰ ਇਸ ਵਿਚ ਲਾਭ ਮਿਲੇਗਾ।
ਪਹਿਲੇ ਪੜਾਅ ਵਿਚ ਉਨ੍ਹਾਂ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜਿਨ੍ਹਾਂ ਦੀ ਪਰਿਵਾਰਕ ਸਾਲਾਨਾ ਆਮਦਨ ਇਕ ਲੱਖ ਰੁਪਏ ਤੋਂ ਘੱਟ ਹੈ। ਆਉਣ ਵਾਲੇ ਸਮੇਂ ਵਿਚ, ਹੋਰ ਆਮਦਨ ਸਮੂਹਾਂ ਨੂੰ ਵੀ ਪੜਾਅਵਾਰ ਇਸ ਯੋਜਨਾ ਵਿਚ ਸ਼ਾਮਿਲ ਕੀਤਾ ਜਾਵੇਗਾ।