ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਸਰਕਾਰ 'ਤੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਸਾਧਿਆ ਨਿਸ਼ਾਨਾ
ਜਲੰਧਰ, 28 ਅਗਸਤ-ਜਲੰਧਰ ਦੇ ਇਕ ਨਿੱਜੀ ਰਿਜ਼ੋਰਟ ਵਿਚ ਕਾਂਗਰਸ ਵਲੋਂ ਇਕ ਰੈਲੀ ਕੀਤੀ ਗਈ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਪ੍ਰਗਟ ਸਿੰਘ ਸ਼ਹੀਦ, ਸਾਰੀ ਲੀਡਰਸ਼ਿਪ ਮੌਜੂਦ ਸੀ ਅਤੇ ਵਰਕਰ ਵੀ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ। ਇਸੇ ਰੈਲੀ ਦੌਰਾਨ ਆਪਣੇ ਭਾਸ਼ਣਾਂ ਵਿਚ ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਅਤੇ ਪੰਜਾਬ ਵਿਚ ਕਾਂਗਰਸ ਦੇ ਇਕਜੁੱਟ ਹੋਣ ਦੀ ਗੱਲ ਕੀਤੀ। ਪੰਜਾਬ ਵਿਚ ਆਏ ਹੜ੍ਹਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਅਸਫਲਤਾ ਹੈ ਜਦੋਂਕਿ ਡੈਮਾਂ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ ਪਰ ਇਹ ਸਰਕਾਰ ਦੀ ਜ਼ਿੰਮੇਵਾਰੀ ਸੀ ਕਿ ਡੈਮਾਂ ਨੂੰ ਪੂਰੀ ਤਰ੍ਹਾਂ ਮਜ਼ਬੂਤ ਬਣਾਇਆ ਜਾਵੇ ਅਤੇ ਪੰਜਾਬ ਵਿਚ ਜੋ ਸਥਿਤੀ ਪੈਦਾ ਹੋਈ ਹੈ, ਉਹ ਨਹੀਂ ਹੁੰਦੀ।
ਪੰਜਾਬ ਵਿਚ ਆਏ ਹੜ੍ਹਾਂ ਬਾਰੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਪੂਰੀ ਤਰ੍ਹਾਂ ਅਸਫਲਤਾ ਹੈ ਅਤੇ ਪੰਜਾਬ ਸਰਕਾਰ ਸਿਰਫ਼ ਗੱਲਾਂ ਕਰਨਾ ਜਾਣਦੀ ਹੈ ਜਦੋਂਕਿ ਸਥਿਤੀ ਇਸ ਦੇ ਬਿਲਕੁਲ ਉਲਟ ਹੈ।