ਸਾਬਕਾ ਵਿਧਾਇਕ ਕਲੇਰ ਨੇ ਕੀਤਾ ਸਤਲੁਜ ਬੰਨ੍ਹਾਂ ਦਾ ਦੌਰਾ

ਜਗਰਾਉਂ ( ਲੁਧਿਆਣਾ) 30 ਅਗਸਤ (ਕੁਲਦੀਪ ਸਿੰਘ ਲੋਹਟ) - ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਸ.ਆਰ. ਕਲੇਰ ਨੇ ਅੱਜ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਿੰਡਾਂ ਦੇ ਨਾਲ-ਨਾਲ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਐਸ.ਆਰ.ਕਲੇਰ ਨੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਫ਼ਸਲਾਂ ਦੇ ਹੋਏ ਨੁਕਸਾਨ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਆਰ. ਕਲੇਰ ਨੇ ਦੱਸਿਆ ਕਿ ਸਤਲੁਜ ਦਰਿਆ ਦੇ ਬੰਨ੍ਹਾਂ ਦੇ ਨਾਲ ਲੱਗਦੇ ਪਿੰਡ ਪਰਜੀਆਂ ਬਿਹਾਰੀਪੁਰ ਦੇ ਆਮ ਲੋਕਾਂ ਦੀਆਂ ਫ਼ਸਲਾਂ ਪਾਣੀ ਦੀ ਮਾਰ ਹੇਠ ਆ ਗਈਆਂ ਹਨ। ਉਨ੍ਹਾਂ ਸਰਕਾਰ ਨੂੰ ਤੁਰੰਤ ਗਿਰਦਾਵਰੀ ਕਰਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਗਰਾਉਂ ਟੀਮ ਆਪਣੇ ਹਲਕੇ ਦੇ ਲੋਕਾਂ ਦੇ ਨਾਲ ਚੱਟਾਨ ਬਣ ਖੜ੍ਹੀ ਹੈ ਤੇ ਹਮੇਸ਼ਾ ਖੜ੍ਹੀ ਰਹੇਗੀ।