ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਸਤਲੁਜ ਦਰਿਆ ਪੁੱਲ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਹਰੀਕੇ ਪੱਤਣ, (ਤਰਨਤਾਰਨ), 2 ਸਤੰਬਰ (ਸੰਜੀਵ ਕੁੰਦਰਾ)- ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆਂ ਜ਼ਿਲ੍ਹਾ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਪੁੱਜੇ। ਇਸ ਦੌਰਾਨ ਗਵਰਨਰ ਗੁਲਾਬ ਚੰਦ ਕਟਾਰੀਆਂ ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਦੇ ਸਤਲੁਜ ਦਰਿਆ ’ਤੇ ਬਣੇ ਪੁੱਲ ’ਤੇ ਪੁੱਜੇ ਅਤੇ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਬਾਰੇ ਜਾਣਕਾਰੀ ਲਈ। ਇਸ ਮੌਕੇ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਉਨ੍ਹਾਂ ਨੂੰ ਦੱਸਿਆ ਕਿ ਡਾਊਨ ਸਟਰੀਮ ਨੂੰ ਛੱਡੇ ਜਾ ਰਹੇ ਪਾਣੀ ਕਾਰਨ ਜ਼ਿਲ੍ਹਾ ਤਰਨਤਾਰਨ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਦਰਜਨਾਂ ਪਿੰਡਾਂ ਦੀ ਜ਼ਮੀਨ ਹੜ੍ਹਾਂ ਦੀ ਮਾਰ ਹੇਠ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਅੱਜ ਸਤਲੁਜ ਦਰਿਆ ਦੇ ਰਸਤੇ ਹੋਰ ਪਾਣੀ ਹਰੀਕੇ ਹੈੱਡ ਵਰਕਸ ਵਿਚ ਪਹੁੰਚ ਰਿਹਾ ਹੈ ਤੇ ਸ਼ਾਮ 5 ਵਜੇ ਤੱਕ ਪਾਣੀ ਦਾ ਪੱਧਰ 3 ਲੱਖ ਕਿਊਸਿਕ ਹੋਣ ਦੀ ਸੰਭਾਵਨਾ ਹੈ। ਗਵਰਨਰ ਗੁਲਾਬ ਚੰਦ ਕਟਾਰੀਆਂ ਨੇ ਡਿਪਟੀ ਕਮਿਸ਼ਨਰ ਕੋਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰ ਵਲੋਂ ਚੱਲ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਲਈ।