ਮੁੱਖ ਮੰਤਰੀ ਭਗਵੰਤ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਫ਼ਿਰੋਜ਼ਪੁਰ, 2 ਸਤੰਬਰ (ਗੁਰਿੰਦਰ ਸਿੰਘ)-ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਲੋਕਾਂ ਨੂੰ ਨਿਗੂਣਾ ਮੁਆਵਜ਼ਾ ਦੇਣ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਮੁਆਵਜ਼ੇ ਲਈ ਮਾਪਦੰਡਾਂ ਵਿਚ ਸੋਧ ਕੀਤੀ ਜਾਵੇ। ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਕਿਸ਼ਤੀ ਵਿਚ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਆਫ਼ਤ ਰਾਹਤ ਫੰਡ (ਐੱਸ.ਡੀ.ਆਰ.ਐਫ.) ਵਿਚ ਕਾਫ਼ੀ ਫੰਡ ਮੌਜੂਦ ਹਨ ਪਰ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ ਅਧੀਨ ਮੌਜੂਦਾ ਮਾਪਦੰਡ ਕਿਸਾਨਾਂ, ਪਸ਼ੂ ਪਾਲਕਾਂ ਤੇ ਹੋਰ ਵਰਗਾਂ ਨੂੰ ਹੋਏ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਲਈ ਨਾਕਾਫ਼ੀ ਹਨ। ਉਨ੍ਹਾਂ ਕਿਹਾ ਕਿ ਨੋਟੀਫਾਈਡ ਸ਼ਰਤਾਂ ਕਿਸਾਨਾਂ ਦੇ ਅਸਲ ਨੁਕਸਾਨ ਦੇ ਮੁਕਾਬਲੇ ਪ੍ਰਸੰਗਿਕ ਨਹੀਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਗਾਈਆਂ ਸ਼ਰਤਾਂ ਕਾਰਨ ਪੀੜਤਾਂ ਦੀ ਮਦਦ ਵਿਚ ਅੜਿੱਕੇ ਆ ਰਹੇ ਹਨ, ਜੋ ਪੂਰੀ ਤਰ੍ਹਾਂ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਦੁੱਖ ਦੀ ਘੜੀ ਵਿਚ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦੇਣ ਲਈ ਉਦਾਰ ਪਹੁੰਚ ਅਪਣਾਉਣੀ ਚਾਹੀਦੀ ਹੈ।