JALANDHAR WEATHER

350 ਸਾਲਾ ਸ਼ਤਾਬਦੀ: ਨਗਰ ਕੀਰਤਨ ਦੇ ਦੇਰ ਰਾਤ ਲਖਨਊ ਪੁੱਜਣ ਸਮੇਂ ਸੰਗਤਾਂ ਵਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 3 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬੀਤੀ ਰਾਤ ਲਖਨਊ ਪੁੱਜਣ ’ਤੇ ਸਥਾਨਕ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ ਗਿਆ। ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਇੰਨਾ ਉਤਸ਼ਾਹ ਪਾਇਆ ਜਾ ਰਿਹਾ ਹੈ ਕਿ ਸ਼ਾਮ ਨੂੰ ਪੁੱਜਣ ਵਾਲਾ ਨਗਰ ਕੀਰਤਨ ਦੇਰ ਰਾਤ ਲਖਨਊ ਵਿਖੇ ਪੁੱਜਾ ਅਤੇ ਸੰਗਤਾਂ ਸ਼ਰਧਾਪੂਰਵਕ ਨਗਰ ਕੀਰਤਨ ਦੀ ਸੜਕਾਂ ’ਤੇ ਬੈਠ ਕੇ ਉਡੀਕ ਕਰਦੀਆਂ ਰਹੀਆਂ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਲਖਨਊ ਵਿਖੇ ਠਹਿਰਿਆ, ਜਿਥੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸਥਾਨਕ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ ਅਤੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ। ਇਸ ਦੌਰਾਨ ਪੁੱਜੀਆਂ ਸ਼ਖ਼ਸੀਅਤਾਂ ਨੂੰ ਗੁਰਦੁਆਰਾ ਆਲਮ ਬਾਗ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਜੀ ਆਇਆਂ ਕਿਹਾ ਅਤੇ ਇਸ ਉਪਰਾਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਵੀ ਕੀਤਾ। ਦੱਸਣਯੋਗ ਹੈ ਕਿ ਭਲਕੇ 4 ਸਤੰਬਰ ਨੂੰ ਇਹ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਕੇਂਦਰੀ ਸਿੰਘ ਸਭਾ ਆਲਮ ਬਾਗ਼ ਲਖਨਊ ਤੋਂ ਆਰੰਭ ਹੋ ਕੇ ਗੁਰਦੁਆਰਾ ਨਾਨਕ ਪਿਆਓ ਸਾਹਿਬ ਮਹਿੰਗਾਪੁਰ ਵਿਖੇ ਪੁੱਜੇਗਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਬੰਡਾਲਾ, ਜਥੇਦਾਰ ਮੰਗਵਿਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਇੰਚਾਰਜ ਸ. ਜਗਜੀਤ ਸਿੰਘ, ਸ. ਸਿਮਰਨਜੀਤ ਸਿੰਘ ਕੰਗ, ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਮੀਤ ਮੈਨੇਜਰ ਸ. ਰਵਿੰਦਰਜੀਤ ਸਿੰਘ, ਸਥਾਨਕ ਸਿੱਖ ਆਗੂ ਸ. ਨਿਰਮਲ ਸਿੰਘ, ਸ. ਰਤਪਾਲ ਸਿੰਘ ਗੋਲਡੀ, ਸ. ਚਰਨਜੀਤ ਸਿੰਘ, ਸ. ਰਾਜਿੰਦਰ ਸਿੰਘ, ਸ. ਹਰਮਿੰਦਰ ਸਿੰਘ, ਸ. ਹਰਜੀਤ ਸਿੰਘ, ਸ. ਤਰਲੋਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ