ਸਾਂਸਦ ਚਰਨਜੀਤ ਸਿੰਘ ਚੰਨੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜਿਆ ਰਾਸ਼ਨ

ਜਲੰਧਰ, 3 ਸਤੰਬਰ-ਹੜ੍ਹਾਂ ਕਾਰਨ ਪੰਜਾਬ ਵਿਚ ਹਾਲਾਤ ਬਹੁਤ ਖਰਾਬ ਹੋਣੇ ਸ਼ੁਰੂ ਹੋ ਗਏ ਹਨ, ਹੜ੍ਹ ਦੇ ਸੰਬੰਧ ਵਿਚ, ਅੱਜ ਐਮ.ਪੀ. ਚਰਨਜੀਤ ਸਿੰਘ ਚੰਨੀ ਨੇ ਸੁਰਾਨਸੀ ਪਿੰਡ ਅਮਾਨਤਪੁਰ ਜਲੰਧਰ ਤੋਂ ਰਾਸ਼ਨ ਨਾਲ ਭਰੇ 3 ਟਰੱਕਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰਾਸ਼ਨ ਫਲਾਇੰਗ ਟ੍ਰੇਡ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਚੇਅਰਮੈਨ ਸਰਦਾਰ ਕੇਵਲ ਸਿੰਘ ਦੁਲਾਈ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਭੇਜਿਆ ਜਾ ਰਿਹਾ ਹੈ।
ਸੰਸਦ ਮੈਂਬਰ ਚੰਨੀ ਨੇ ਦੱਸਿਆ ਕਿ ਇਹ ਟਰੱਕ ਸ਼ਾਹਕੋਟ, ਅਜਨਾਲਾ ਅਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਭੇਜਿਆ ਜਾ ਰਿਹਾ ਹੈ। ਤਿੰਨਾਂ ਟਰੱਕਾਂ ਵਿਚ 8 ਟਨ ਰਾਸ਼ਨ ਭੇਜਿਆ ਜਾ ਰਿਹਾ ਹੈ। ਟਰੱਕਾਂ ਵਿਚ ਭੇਜੇ ਜਾ ਰਹੇ ਹਰੇਕ ਪੈਕੇਟ ਦਾ ਭਾਰ 19 ਕਿਲੋ ਹੈ। ਹੜ੍ਹ ਪ੍ਰਭਾਵਿਤ ਲੋਕਾਂ ਲਈ ਸੁੱਕਾ ਰਾਸ਼ਨ ਜਿਸ ਵਿਚ 5 ਕਿਲੋ ਆਟਾ, 5 ਕਿਲੋ ਚੌਲ, ਇਕ ਕਿਲੋ ਨਮਕ, ਇਕ ਲੀਟਰ ਤੇਲ, 2 ਕਿਲੋ ਖੰਡ, 2 ਕਿਲੋ ਦਾਲ ਸ਼ਾਮਿਲ ਹਨ, ਭੇਜਿਆ ਜਾ ਰਿਹਾ ਹੈ। ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਰਾਸ਼ਨ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ ਸਗੋਂ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਦਾ ਹੈ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਜਲਦੀ ਹੀ ਪੰਜਾਬ ਦਾ ਦੌਰਾ ਕਰਨਗੇ। ਹਾਲਾਂਕਿ ਉਨ੍ਹਾਂ ਨੇ ਤਰੀਕ ਦਾ ਐਲਾਨ ਨਹੀਂ ਕੀਤਾ। ਚੰਨੀ ਨੇ ਕਿਹਾ ਕਿ ਰਾਹੁਲ ਗਾਂਧੀ ਜਲਦੀ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮਦਦ ਕਰਨ ਦੀ ਅਪੀਲ ਵੀ ਕੀਤੀ ਹੈ।