ਬੀਬਾ ਜੈ ਇੰਦਰ ਕੌਰ ਵਲੋਂ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੌਰਾ

ਪਾਤੜਾਂ, (ਪਟਿਆਲਾ), 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ ਵਲੋਂ ਅੱਜ ਸਬ ਡਵੀਜ਼ਨ ਪਾਤੜਾਂ ਦੇ ਪਿੰਡ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੋਰਾ ਕੀਤਾ ਗਿਆ, ਜਿਥੇ ਉਨ੍ਹਾਂ ਵੱਖ ਵੱਖ ਪਿੰਡਾਂ ਦੇ ਲੋਕਾਂ ਨਾਲ ਆ ਰਹੀਆਂ ਦਿੱਕਤਾਂ ਬਾਰੇ ਵੀ ਜਾਣਕਾਰੀ ਲਈ। ਇਸ ਮੌਕੇ ਬੀਬਾ ਜੈ ਇੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੌਜੂਦਾ ਵਿਧਾਇਕ ਹੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕ ਰਹੇ ਹਨ, ਜਿਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨ ਦੇਣ ਵਿਚ ਅਸਫ਼ਲ ਰਹੀ ਹੈ।
ਉਨ੍ਹਾਂ ਕਿਹਾ ਕਿ ਅੱਜ ਪੂਰਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਨੂੰ ਲੋਕਾਂ ਦੀ ਕੋਈ ਫਿਕਰ ਨਹੀਂ। ਉਹਨਾਂ ਕਿਹਾ ਕਿ ਅੱਜ ਦੇਸ਼ ਦੇ ਖੇਤੀਬਾੜੀ ਮੰਤਰੀ ਵਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਲੋਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕਜ ਵੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ, ਸੀਨੀਅਰ ਆਗੂ ਡਾਕਟਰ ਜੀਵਨ ਦੱਤ ਸ਼ੈਲੀ, ਅਤੇ ਮੁਖਤਿਆਰ ਸਿੰਘ ਮੁੱਖਾ ਸ਼ੁਤਰਾਣਾ ਵੀ ਹਾਜ਼ਰ ਸਨ।