ਸਤਲੁਜ ਦਰਿਆ 'ਚ ਪਾਣੀ ਵਧਣ ਨਾਲ ਸਸਰਾਲੀ ਕਾਲੋਨੀ ਨੇੜੇ ਬੰਨ੍ਹ ਟੁੱਟਣ ਕੰਢੇ

ਲੁਧਿਆਣਾ, 4 ਸਤੰਬਰ (ਜਤਿੰਦਰ ਭੰਬੀ)-ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਚੱਲਦੇ ਭਾਖੜਾ ਡੈਮ ਤੋਂ ਛੱਡੇ ਗਏ ਪਾਣੀ ਕਾਰਨ ਸਤਲੁਜ ਦਰਿਆ ’ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਸਤਲੁਜ ਦਰਿਆ ’ਚ ਵਧੇ ਪਾਣੀ ਦੇ ਵਧੇ ਹੋਏ ਪੱਧਰ ਕਾਰਨ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਕੋਲ ਸਤਲੁਜ ਦਾ ਬੰਨ੍ਹ ਟੁੱਟਣ ਕੰਢੇ ਪਹੁੰਚ ਗਿਆ ਹੈ। ਸਸਰਾਲੀ ਕਾਲੋਨੀ ਕੋਲ ਸਤਲੁਜ ਦਰਿਆ ਦੇ ਬੰਨ੍ਹ ਦੀ ਖਸਤਾ ਹਾਲਤ ਦਾ ਪਤਾ ਚੱਲਦੇ ਹੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਅਤੇ ਜ਼ਿਲ੍ਹਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ ’ਤੇ ਪਹੁੰਚੇ।
ਕੈਬਨਿਟ ਮੰਤਰੀ ਮੁੰਡੀਆਂ ਨੇ ਦੱਸਿਆ ਕਿ ਸਸਰਾਲੀ ਕਾਲੋਨੀ ਦੇ ਬੰਨ੍ਹ ਟੁੱਟਣ ਦੇ ਖਤਰੇ ਨੂੰ ਦੇਖਦੇ ਹੋਏ ਸਥਾਨਕ ਲੋਕਾਂ ਦੀ ਮਦਦ ਨਾਲ ਮਿੱਟੀ ਦੀਆਂ ਬੋਰੀਆਂ ਲਗਾ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫੌਜ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਅਤੇ ਅੰਦਰੂਨੀ ਤੌਰ ’ਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਆਪਣਾ ਮਾਲ-ਪਸ਼ੂ ਸੰਭਾਲਣ ਲਈ ਵੀ ਕਹਿ ਦਿੱਤਾ ਗਿਆ ਹੈ ਤਾਂ ਕਿ ਜਨਤਕ ਤੌਰ ’ਤੇ ਅਜਿਹਾ ਕਰਨ ਨਾਲ ਲੋਕਾਂ ਅੰਦਰ ਭੱਜਦੜ ਪੈਦਾ ਨਾ ਹੋਵੇ।