ਪੰਜਾਬ 'ਚ ਹੜ੍ਹਾਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਪੰਜਾਬ ਨਾਲ ਮਿਲ ਕੇ ਯੋਜਨਾਬੰਦੀ ਕਰੇਗੀ-ਸ਼ਿਵਰਾਜ ਸਿੰਘ ਚੌਹਾਨ

ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਪੰਜਾਬ ਵਿਚ ਹੜ੍ਹਾਂ ਦੇ ਸਥਾਈ ਹੱਲ ਲਈ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨਾਲ ਵਿਚਾਰ-ਵਟਾਂਦਰੇ ਉਪਰੰਤ ਯੋਜਨਾਬੰਦੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਅੱਜ ਰਾਤ 8:30 ਵਜੇ ਕਪੂਰਥਲਾ ਸਬ-ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਗੂਵਾਲ ਵਿਚ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਸੰਕਟ ਦੀ ਘੜੀ ਪੰਜਾਬ ਦੇ ਨਾਲ ਹੈ ਤੇ ਉਹ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਦੇਸ਼ ਅਨੁਸਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ। ਇਸੇ ਦੌਰਾਨ ਦੋ ਕੇਂਦਰੀ ਟੀਮਾਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਰਹੀਆਂ ਹਨ।
ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਟੀਮਾਂ ਦੇ ਦੌਰੇ ਤੋਂ ਬਾਅਦ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਕੋਲ ਪੇਸ਼ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪੰਜਾਬ ਵਿਚ ਹੜ੍ਹਾਂ ਦੀ ਭਰਪਾਈ ਬਾਰੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਪੰਜਾਬ 'ਤੇ ਮਾਣ ਹੈ ਕਿਉਂਕਿ ਪੰਜਾਬ ਹਰ ਸੰਕਟ ਦੀ ਘੜੀ ਦੇਸ਼ ਨਾਲ ਖੜ੍ਹਿਆ ਹੈ। ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਕੇਂਦਰ ਵਲੋਂ ਪਹਿਲਾਂ ਪੰਜਾਬ ਨੂੰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਫੰਡ ਜਾਰੀ ਕੀਤੇ ਗਏ ਹਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਪਿੰਡ ਬਾਗੂਵਾਲ ਦੇ ਲੋਕਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮੰਗ-ਪੱਤਰ ਦਿੱਤੇ ਜਿਨ੍ਹਾਂ ਵਿਚ ਮੰਗ ਕੀਤੀ ਗਈ ਕਿ ਪੰਜਾਬ ਵਿਚ ਹੜ੍ਹ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਪ੍ਰਤੀ ਏਕੜ 70 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ, ਦਰਿਆ ਬਿਆਸ ਦੇ ਧੁੱਸੀ ਬੰਨ੍ਹਾਂ ਅੰਦਰ ਕੇਂਦਰ ਤੇ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਜ਼ਮੀਨ ਵਿਚ ਖੇਤੀ ਕਰਦੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਵਿਵਸਥਾ ਕੀਤੀ ਜਾਵੇ। ਇਸ ਮੌਕੇ ਕੇਂਦਰੀ ਮੰਤਰੀ ਨਾਲ ਭਾਜਪਾ ਦੇ ਸੂਬਾਈ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਭਾਜਪਾ ਦੇ ਸੂਬਾਈ ਜਨਰਲ ਸਕੱਤਰ ਰਕੇਸ਼ ਰਾਠੌਰ, ਸੂਬਾਈ ਮੀਤ ਪ੍ਰਧਾਨ ਜੈਸਮੀਨ ਸੰਧਾਵਾਲੀਆ, ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ, ਸੋਸ਼ਲ ਮੀਡੀਆ ਸੈੱਲ ਦੇ ਕੋਕਨਵੀਨਰ ਵਿੱਕੀ ਗੁਜਰਾਲ, ਐਸ.ਸੀ. ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸਭਰਵਾਲ ਤੋਂ ਇਲਾਵਾ ਪ੍ਰਸ਼ਾਸਨ ਤੇ ਪੁਲਿਸ ਨਾਲ ਸਬੰਧਿਤ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।