ਰੈੱਡ ਕਰਾਸ ਸੋਸਾਇਟੀ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 9 ਟਰੱਕ ਰਵਾਨਾ
ਚੰਡੀਗੜ੍ਹ, 5 ਸਤੰਬਰ-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਰੈੱਡ ਕਰਾਸ ਸੋਸਾਇਟੀ ਪੰਜਾਬ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਦੇ 9 ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਇਹ ਸਾਰੇ 9 ਟਰੱਕ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਰੋਪੜ, ਲੁਧਿਆਣਾ, ਮਲੇਰਕੋਟਲਾ ਅਤੇ ਜਲੰਧਰ ਭੇਜੇ ਜਾ ਰਹੇ ਹਨ। ਇਹ ਰਾਹਤ ਸਮੱਗਰੀ ਸਬੰਧਿਤ ਜ਼ਿਲ੍ਹਿਆਂ ਦੀਆਂ ਰੈੱਡ ਕਰਾਸ ਇਕਾਈਆਂ ਰਾਹੀਂ ਲੋੜਵੰਦ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ। ਰਾਹਤ ਸਮੱਗਰੀ ਵਿਚ ਪਰਿਵਾਰਕ ਤੰਬੂ, ਤਰਪਾਲਾਂ, ਕਿਚਨ ਸੈੱਟ, ਕੰਬਲ ਅਤੇ ਸੈਨੇਟਰੀ ਪੈਡ, ਰਾਸ਼ਨ, ਸਾਬਣ ਆਦਿ ਸਮੇਤ 7 ਹਜ਼ਾਰ ਘਰੇਲੂ ਸਾਮਾਨ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬ ਰੈੱਡ ਕਰਾਸ ਨੇ ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 100 ਟਨ ਪਸ਼ੂ ਚਾਰਾ ਵੀ ਭੇਜਿਆ ਹੈ।
ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਹੜ੍ਹ ਵਰਗੀਆਂ ਆਫ਼ਤਾਂ ਵਿਚ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨਾ ਸਮਾਜ ਦਾ ਨੈਤਿਕ ਫਰਜ਼ ਹੈ। ਰੈੱਡ ਕਰਾਸ ਅਤੇ ਵੱਖ-ਵੱਖ ਸੰਗਠਨਾਂ ਦਾ ਇਹ ਸਹਿਯੋਗ ਪੰਜਾਬ ਦੀ ਸੇਵਾ, ਸਹਿਯੋਗ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਪਰੰਪਰਾ ਨੂੰ ਹੋਰ ਮਜ਼ਬੂਤ ਕਰਦਾ ਹੈ। ਹਾਲ ਹੀ ਵਿਚ, ਮੈਂ ਰਾਜ ਦੇ ਸੱਤ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦਾ ਦੌਰਾ ਕੀਤਾ ਅਤੇ ਉਥੋਂ ਦੀ ਸਥਿਤੀ ਨੂੰ ਨੇੜਿਓਂ ਦੇਖਿਆ। ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਇਕੱਠੇ ਹੋਈਏ ਅਤੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਇਸ ਨੇਕ ਕੰਮ ਵਿਚ ਅੱਗੇ ਆਈਏ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਮੁਸ਼ਕਿਲ ਹਾਲਾਤ ਵਿਚ ਇਕ-ਦੂਜੇ ਦਾ ਸਾਥ ਦਿੱਤਾ ਹੈ। ਅੱਜ ਵੀ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਅਤੇ ਸਹਿਯੋਗ ਦੇਣਾ ਪਵੇਗਾ ਤਾਂ ਜੋ ਉਹ ਜਲਦੀ ਹੀ ਆਮ ਜ਼ਿੰਦਗੀ ਵਿਚ ਵਾਪਸ ਆ ਸਕਣ।
ਇਸ ਤੋਂ ਪਹਿਲਾਂ ਕੱਲ੍ਹ, ਚੰਡੀਗੜ੍ਹ ਰੈੱਡ ਕਰਾਸ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 2 ਟਰੱਕ ਭੇਜੇ ਸਨ। ਇਨ੍ਹਾਂ ਵਿਚ ਵੱਖ-ਵੱਖ ਘਰੇਲੂ ਸਾਮਾਨ ਦੀਆਂ 500 ਕਿੱਟਾਂ, ਸੈਨੇਟਰੀ ਪੈਡ ਕਿੱਟਾਂ ਅਤੇ 500 ਯੂਨਿਟ ਭਾਂਡੇ ਸ਼ਾਮਿਲ ਸਨ। ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਚੰਡੀਗੜ੍ਹ ਨਿਸ਼ਾਂਤ ਕੁਮਾਰ ਯਾਦਵ, ਸਕੱਤਰ ਪੰਜਾਬ ਰੈੱਡ ਕਰਾਸ ਸੋਸਾਇਟੀ ਸ਼ਿਵ ਦੁਲਾਰ ਸਿੰਘ ਢਿੱਲੋਂ ਅਤੇ ਪੰਜਾਬ ਰਾਜ ਭਵਨ ਤੇ ਰੈੱਡ ਕਰਾਸ ਸੋਸਾਇਟੀ ਪੰਜਾਬ ਦੇ ਹੋਰ ਅਧਿਕਾਰੀ ਮੌਜੂਦ ਸਨ।