ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਪੰਜਾਬ ਤੇ ਹਿਮਾਚਲ ਦਾ ਕਰਨਗੇ ਦੌਰਾ

ਨਵੀਂ ਦਿੱਲੀ, 8 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ਾਮ 4:15 ਵਜੇ ਦੇ ਕਰੀਬ ਗੁਰਦਾਸਪੁਰ ਪਹੁੰਚਣਗੇ ਜਿਥੇ ਉਹ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨਗੇ ਅਤੇ ਜ਼ਮੀਨੀ ਸਥਿਤੀ 'ਤੇ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਗੁਰਦਾਸਪੁਰ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੇ ਨਾਲ-ਨਾਲ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਪਦਾ ਮਿੱਤਰਾ ਟੀਮ ਨਾਲ ਵੀ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਦੀ ਸਿੱਧੀ ਸਮੀਖਿਆ ਦਾ ਉਦੇਸ਼ ਇਸ ਮੁਸ਼ਕਿਲ ਸਮੇਂ ਦੌਰਾਨ ਦੋਵਾਂ ਰਾਜਾਂ ਦੇ ਲੋਕਾਂ ਦੀ ਸਹਾਇਤਾ ਲਈ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਨੇੜਿਓਂ ਨਿਗਰਾਨੀ ਕਰਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਹੜ੍ਹ ਨਾਲ ਸਬੰਧਤ ਸਥਿਤੀ ਦਾ ਜਾਇਜ਼ਾ ਲੈਣ ਲਈ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦਾ ਦੌਰਾ ਕਰਨਗੇ। ਉਹ ਹਿਮਾਚਲ ਪ੍ਰਦੇਸ਼ ਵਿਚ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਦੁਪਹਿਰ ਲਗਭਗ 1:30 ਵਜੇ, ਉਹ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਪਹੁੰਚਣਗੇ, ਜਿਥੇ ਉਹ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਸਥਿਤੀ 'ਤੇ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਕਾਂਗੜਾ ਵਿਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਅਤੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਆਪਦਾ ਮਿੱਤਰਾ ਟੀਮ ਨਾਲ ਵੀ ਮੁਲਾਕਾਤ ਕਰਨਗੇ। ਫਿਰ ਪ੍ਰਧਾਨ ਮੰਤਰੀ ਦੁਪਹਿਰ 3 ਵਜੇ ਦੇ ਕਰੀਬ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ।