JALANDHAR WEATHER

ਸਿਹਤ ਵਿਭਾਗ ਹੜ੍ਹ ਦਾ ਪਾਣੀ ਉੱਤਰਨ ਤੋਂ ਬਾਅਦ ਲੋਕਾਂ ਨੂੰ ਬੀਮਾਰੀਆਂ ਤੋਂ ਬਚਾਅ ਲਈ ਯੋਜਨਾਬੰਦੀ ਕਰੇ-ਡੀ.ਸੀ.

ਕਪੂਰਥਲਾ, 8 ਸਤੰਬਰ (ਅਮਰਜੀਤ ਕੋਮਲ)-ਹੜ੍ਹ ਦਾ ਪਾਣੀ ਉੱਤਰਨ ਤੋਂ ਬਾਅਦ ਸਿਹਤ ਵਿਭਾਗ ਦੇ ਅਧਿਕਾਰੀ ਲੋਕਾਂ ਨੂੰ ਚਮੜੀ, ਡੇਂਗੂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਲਈ ਵਿਆਪਕ ਯੋਜਨਾਬੰਦੀ ਕਰਨ। ਇਹ ਗੱਲ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਸਿਹਤ ਸੁਰੱਖਿਆ ਯਕੀਨੀ ਬਣਾਉਣ ਲਈ ਇਕ ਨੀਤੀ ਬਣਾਈ ਜਾਵੇ ਤੇ ਇਸ ਮੰਤਵ ਲਈ ਮਾਹਿਰ ਡਾਕਟਰਾਂ ਤੇ ਸਹਾਇਕ ਅਮਲੇ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਜਾਣ ਤਾਂ ਜੋ ਉਹ ਪਾਣੀ ਘਟਣ ਤੋਂ ਬਾਅਦ ਲੋਕਾਂ ਦੇ ਘਰ-ਘਰ ਜਾ ਕੇ ਸਿਹਤ ਜਾਂਚ ਕਰਨ ਦੇ ਨਾਲ-ਨਾਲ ਸਿਹਤ ਸੁਰੱਖਿਆ ਬਾਰੇ ਜਾਗਰੂਕ ਵੀ ਕਰਨ।

ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਖੇਤਰ ਵਿਚ ਪੀਣ ਵਾਲੇ ਪਾਣੀ ਦੀ ਦਿੱਕਤ ਆ ਸਕਦੀ ਹੈ ਕਿਉਂਕਿ ਹੜ੍ਹ ਕਾਰਨ ਲੋਕਾਂ ਦੇ ਘਰਾਂ ਦੀਆਂ ਮੋਟਰਾਂ ਤੇ ਟਿਊਬਵੈੱਲ ਖ਼ਰਾਬ ਹੋ ਚੁੱਕੇ ਹੋਣਗੇ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਨੂੰ ਨਗਰ ਨਿਗਮ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਸੰਪਰਕ ਕਰਨ ਲਈ ਕਿਹਾ ਤਾਂ ਜੋ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੇ ਟੈਂਕਰਾਂ ਦੇ ਪ੍ਰਬੰਧ ਪਹਿਲਾਂ ਹੀ ਕੀਤੇ ਜਾਣ ਤੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਰੈਪਿਡ ਰਿਸਪਾਂਸ ਟੀਮਾਂ ਨੂੰ ਹੁਣ ਤੋਂ ਹੀ ਤਿਆਰ ਰਹਿਣ ਦੀ ਹਦਾਇਤ ਕਰਨ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ, ਨਵਨੀਤ ਕੌਰ ਬੱਲ, ਸਹਾਇਕ ਕਮਿਸ਼ਨਰ ਵਿਸ਼ਾਲ ਵਟਸ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ