ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਪੂਰਥਲਾ, 10 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕਾਲਾ ਸੰਘਿਆਂ ਫਾਟਕ 'ਤੇ ਬੀਤੇ ਦਿਨ ਹੋਈ ਮੋਟਰਸਾਈਕਲ ਤੇ ਟਰੱਕ ਦੀ ਟੱਕਰ ਵਿਚ ਗੰਭੀਰ ਹਾਲਤ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਿਖੇ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੰਦੀਪ ਪੁੱਤਰ ਰਾਜੂ ਵਾਸੀ ਸਾਂਸੀ ਕਾਲੋਨੀ ਜੋ ਕਿ ਆਪਣੀ ਭੂਆ ਨੂੰ ਮੋਟਰਸਾਈਕਲ 'ਤੇ ਛੱਡ ਕੇ ਵਾਪਸ ਆਪਣੇ ਘਰ ਆ ਰਿਹਾ ਸੀ ਜਦੋਂ ਉਹ ਕਾਲਾ ਸੰਘਿਆਂ ਫਾਟਕ ਨੇੜੇ ਪਹੁੰਚਿਆ ਤਾਂ ਦੂਸਰੀ ਸਾਈਡ ਤੋਂ ਆ ਰਹੇ ਇਕ ਟਰੱਕ ਨਾਲ ਉਸ ਦੀ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਵਿਖੇ ਮੁੱਢਲੇ ਇਲਾਜ ਤੋਂ ਬਾਅਦ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਬੀਤੀ ਰਾਤ ਇਲਾਜ ਦੌਰਾਨ ਉਸ ਦੀ ਮੌਤ ਗਈ। ਥਾਣਾ ਸਿਟੀ ਦੇ ਏ.ਐਸ.ਆਈ. ਮੰਗਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।