ਭਾਰਤ ਪਾਕਿਸਤਾਨ ਮੈਚ ਰੋਕਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਸੁਪਰੀਮ ਕੋਰਟ ਨੇ ਕੀਤਾ ਮਨ੍ਹਾ

ਨਵੀਂ ਦਿੱਲੀ, 11 ਸਤੰਬਰ- ਸੁਪਰੀਮ ਕੋਰਟ ਨੇ ਏਸ਼ੀਆ ਕੱਪ 2025 ਵਿਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਰੋਕਣ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਮੈਚ ਐਤਵਾਰ ਨੂੰ ਹੋਣਾ ਹੈ। ਇਸ ’ਤੇ ਕੋਈ ਸੁਣਵਾਈ ਨਹੀਂ ਹੋਵੇਗੀ।
ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਵਿਜੇ ਬਿਸ਼ਨੋਈ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਇਹ ਸਿਰਫ਼ ਇਕ ਮੈਚ ਹੈ। ਪਟੀਸ਼ਨਕਰਤਾ ਨੇ 14 ਸਤੰਬਰ ਨੂੰ ਹੋਣ ਵਾਲੇ ਮੈਚ ਤੋਂ ਪਹਿਲਾਂ ਸੁਣਵਾਈ ਦੀ ਮੰਗ ਕੀਤੀ ਸੀ।
ਇਸ ਮੈਚ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿਚ ਚਾਰ ਕਾਨੂੰਨ ਦੇ ਵਿਦਿਆਰਥੀਆਂ ਵਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਦੀ ਅਗਵਾਈ ਉਰਵਸ਼ੀ ਜੈਨ ਨਾਮ ਦੀ ਇਕ ਵਿਦਿਆਰਥਣ ਨੇ ਕੀਤੀ ਸੀ। ਪਟੀਸ਼ਨਕਰਤਾਵਾਂ ਨੇ ਕਿਹਾ ਕਿ ਪਹਿਲਗਾਮ ਵਿਚ ਹਾਲ ਹੀ ਵਿਚ ਹੋਏ ਅੱਤਵਾਦੀ ਹਮਲੇ ਅਤੇ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਕ੍ਰਿਕਟ ਮੈਚ ਕਰਵਾਉਣਾ ਰਾਸ਼ਟਰ ਦੀ ਸ਼ਾਨ ਅਤੇ ਜਨਤਕ ਭਾਵਨਾਵਾਂ ਦੇ ਵਿਰੁੱਧ ਹੈ। ਜਦੋਂ ਵਕੀਲ ਨੇ ਅਦਾਲਤ ਵਿਚ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ, ਤਾਂ ਸੁਪਰੀਮ ਕੋਰਟ ਦੇ ਬੈਂਚ, ਜਿਸ ਵਿਚ ਜਸਟਿਸ ਜੇ.ਕੇ. ਮਹੇਸ਼ਵਰੀ ਅਤੇ ਜਸਟਿਸ ਵਿਜੇ ਬਿਸ਼ਨੋਈ ਸ਼ਾਮਿਲ ਸਨ, ਨੇ ਇਸ ’ਤੇ ਟਿੱਪਣੀ ਕੀਤੀ ਅਤੇ ਕਿਹਾ ਕਿ ਇਸ ਵਿਚ ਕੀ ਜਲਦੀ ਹੈ? ਇਹ ਸਿਰਫ਼ ਇਕ ਮੈਚ ਹੈ, ਇਸ ਨੂੰ ਹੋਣ ਦਿਓ। ਮੈਚ ਐਤਵਾਰ ਨੂੰ ਹੈ, ਹੁਣ ਕੀ ਕੀਤਾ ਜਾ ਸਕਦਾ ਹੈ?
ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਤੁਰੰਤ ਦਖਲਅੰਦਾਜ਼ੀ ਸੰਭਵ ਨਹੀਂ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਮੈਚ ਵਰਗੇ ਪ੍ਰੋਗਰਾਮ ਨੂੰ ਰੋਕਣਾ ਅਦਾਲਤ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ, ਖਾਸ ਕਰਕੇ ਜਦੋਂ ਸਮਾਂ ਵੀ ਸੀਮਤ ਹੋਵੇ।