ਹੜ੍ਹਾਂ ਨਾਲ ਹੋਏ ਨੁਕਸਾਨ ਦੀ ਕੱਲ੍ਹ ਤੋਂ ਵਿਸ਼ੇਸ਼ ਗਿਰਦਾਵਰੀ ਕੀਤੀ ਜਾਵੇਗੀ ਸ਼ੁਰੂ - ਡਾ. ਬਲਬੀਰ ਸਿੰਘ

ਅਜਨਾਲਾ, ਗੱਹੋਮਾਹਲ, ਰਮਦਾਸ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਅੰਮ੍ਰਿਤਸਰ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੁਣ ਸਿਹਤ ਸੰਭਾਲ ਲਈ ਚੱਲ ਰਹੇ ਕੰਮਾਂ ਦੀ ਨਿਗਰਾਨੀ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਨੇ ਹਲਕਾ ਅਜਨਾਲਾ ਦੇ ਪਿੰਡ ਕੋਟ ਗੁਰਬਖਸ਼ ਵਿਖੇ ਲੋੜਵੰਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੰਡਦਿਆਂ ਸਪੱਸ਼ਟ ਕੀਤਾ ਕਿ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੱਲ੍ਹ ਭਾਵ 13 ਸਤੰਬਰ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਇੱਛਾ ਹੈ ਕਿ ਕੁਦਰਤ ਨਾਲ ਹੋਏ ਨੁਕਸਾਨ ਨੂੰ ਤਾਂ ਰੋਕਿਆ ਨਹੀਂ ਸੀ ਜਾ ਸਕਦਾ ਪਰ ਹੁਣ ਜੋ ਵੀ ਨੁਕਸਾਨ ਲੋਕਾਂ ਦਾ ਹੋਇਆ ਹੈ, ਉਸ ਦਾ ਮੁਆਵਜ਼ਾ ਛੇਤੀ ਤੋਂ ਛੇਤੀ ਜਾਰੀ ਕਰ ਦਿੱਤਾ ਜਾਵੇ।
ਅੱਜ ਹਲਕਾ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੂੰ ਨਾਲ ਲੈ ਕੇ ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਹੁਣ ਸਿਹਤ ਵਿਭਾਗ ਵਲੋਂ ਸਿਹਤ ਸੰਭਾਲ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਡਿਪਟੀ ਕਮਿਸ਼ਨਰ ਸਾਹਿਬਾਨਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਮੀਟਿੰਗ ਵਿਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਕੁਦਰਤੀ ਆਫ਼ਤ ਨਾਲ ਨਜਿੱਠਣ ਨੂੰ ਲੈ ਕੇ ਵਿਚਾਰ ਚਰਚਾ ਕੀਤੀI ਉਨ੍ਹਾਂ ਅਧਿਕਾਰੀਆਂ ਨੂੰ 13 ਸਤੰਬਰ ਤੋਂ ਸਪੈਸ਼ਲ ਗਿਰਦਾਵਰੀ ਸ਼ੁਰੂ ਕਰਨ ਅਤੇ ਇਸ ਪ੍ਰਕਿਰਿਆ ਨੂੰ 45 ਦਿਨਾਂ ਦੇ ਅੰਦਰ-ਅੰਦਰ ਪੂਰਾ ਕਰਨ ਦੀਆਂ ਹਦਾਇਤਾਂ ਕੀਤੀਆਂ ਹਨ ਤਾਂ ਜੋ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਛੇਤੀ ਤੋਂ ਛੇਤੀ ਦਿੱਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸਾਡੇ ਅਧਿਕਾਰੀ ਸਾਹਿਬਾਨ ਪਿੰਡ-ਪਿੰਡ ਜਾ ਕੇ ਖੇਤਾਂ ਦਾ ਮੁਆਇਨਾ ਕਰਕੇ ਰਿਪੋਰਟ ਤਿਆਰ ਕਰਨਗੇ।
ਕਿਸਾਨਾਂ ਨੂੰ ਨੁਕਸਾਨੀ ਗਈ ਹਰ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹੜ੍ਹਾਂ ਕਾਰਨ ਘਰਾਂ ਅਤੇ ਪਸ਼ੂਆਂ ਦੇ ਹੋਏ ਨੁਕਸਾਨ ਦੀ ਵੀ ਭਰਪਾਈ ਕੀਤੀ ਜਾਵੇਗੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹੜ੍ਹਾਂ ਕਾਰਨ ਰੁਕੇ ਪਾਣੀ ਨਾਲ ਫੈਲਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਅਪਣਾਈ ਜਾ ਰਹੀ ਪਹੁੰਚ ਦਾ ਜਾਇਜ਼ਾ ਲਿਆ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਤਾਰੀਫ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਜਿਥੇ ਬਚਾਅ ਕਾਰਜ ਸਮੇਂ-ਸਿਰ ਕਰਕੇ ਸੈਂਕੜੇ ਜਾਨਾਂ ਬਚਾਈਆਂ ਗਈਆਂ, ਉਥੇ ਹੁਣ ਰਾਹਤ ਦੇ ਨਾਲ-ਨਾਲ ਬੀਮਾਰੀ ਫੈਲਣ ਤੋਂ ਰੋਕਣ ਲਈ ਸਿਹਤ ਵਿਭਾਗ ਵਲੋਂ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੀਆਂ ਦਵਾਈਆਂ, ਸਟਾਫ ਦੀ ਘਾਟ ਇਸ ਇਲਾਕੇ ਲਈ ਨਹੀਂ ਆਉਣ ਦੇਵਾਂਗੇ ਤਾਂ ਜੋ ਕੋਈ ਵੀ ਸਮੱਸਿਆ ਇਸ ਇਲਾਕੇ ਵਿਚ ਪੈਦਾ ਨਾ ਹੋਵੇ।