350 ਸਾਲਾ ਸ਼ਹੀਦੀ ਸ਼ਤਾਬਦੀ: ਨਗਰ ਕੀਰਤਨ ਗਵਾਲੀਅਰ ਤੋਂ ਅਗਲੇ ਪੜਾਅ ਅਸ਼ੋਕ ਨਗਰ ਲਈ ਰਵਾਨਾ

ਅੰਮ੍ਰਿਤਸਰ, 12 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਛੇਵੇਂ ਪਾਤਿਸ਼ਾਹ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਗਵਾਲੀਅਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਸ਼ੋਕ ਨਗਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦਿੱਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਕਰਦਿਆਂ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਨੌਵੇਂ ਪਾਤਿਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਚੱਲ ਰਹੇ ਇਸ ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਜਿਥੇ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਨੂੰ ਸੰਗਤਾਂ ਵਿਚ ਪਹੁੰਚਾ ਰਿਹਾ ਹੈ, ਉਥੇ ਹੀ ਸ਼ਹੀਦੀ ਸ਼ਤਾਬਦੀ ਪ੍ਰਤੀ ਵੀ ਉਤਸ਼ਾਹ ਭਰ ਰਿਹਾ ਹੈ। ਉਨ੍ਹਾਂ ਸੰਗਤਾਂ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਬਾਬਾ ਸੇਵਾ ਸਿੰਘ ਕਾਰਸੇਵਾ ਖਡੂਰ ਸਾਹਿਬ ਵਾਲਿਆਂ ਵਲੋਂ ਬਾਬਾ ਲੱਖਾ ਸਿੰਘ ਤੇ ਬਾਬਾ ਗੁਰਪ੍ਰੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਨਗਰ ਕੀਰਤਨ ਦਾ ਗੁਰਦੁਆਰਾ ਫੁੱਲ ਬਾਗ ਲਸ਼ਕਰ ਗਵਾਲੀਅਰ, ਗੁਰਦੁਆਰਾ ਪ੍ਰਮੇਸ਼ਵਰ ਦੁਆਰ ਟੇਕਨਪੁਰ ਡਬਰਾ, ਝਾਂਸੀ, ਦਤੀਆ, ਸ਼ਿਵਪੁਰੀ, ਕੋਲਾਰਸ, ਗੁਨਾ ਸਮੇਤ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਜਸਟਿਸ ਗੁਰਪਾਲ ਸਿੰਘ ਆਹਲੂਵਾਲੀਆ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਗਿਆਨੀ ਸਰਬਜੀਤ ਸਿੰਘ, ਬੀਬੀ ਨੀਰੂ ਕੌਰ, ਇੰਚਾਰਜ ਸ. ਪਲਵਿੰਦਰ ਸਿੰਘ, ਵਧੀਕ ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਸ. ਗੁਰਚਰਨ ਸਿੰਘ, ਸ. ਬਲਜੀਤ ਸਿੰਘ ਬਿੱਟੂ, ਸ. ਐਚ.ਐਸ. ਕੋਛੜ, ਸ. ਕਿਰਪਾਲ ਸਿੰਘ, ਸ. ਬਲਜੀਤ ਸਿੰਘ, ਸ. ਹਰਮੀਤ ਸਿੰਘ ਪ੍ਰਿੰਸ, ਸ. ਸੁਰਿੰਦਰਪਾਲ ਸਿੰਘ, ਸ. ਅਵਤਾਰ ਸਿੰਘ, ਸ. ਅਮਰਦੀਪ ਸਿੰਘ, ਸ. ਗੁਰਮੇਜ ਸਿੰਘ, ਸ. ਸੰਤੋਖ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਰਣਜੀਤ ਸਿੰਘ, ਸ. ਦਮਨਪ੍ਰੀਤ ਸਿੰਘ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਸ. ਹਰਭਜਨ ਸਿੰਘ ਸੁਪਰਵਾਈਜ਼ਰ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਸ. ਸੁਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।