ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 12 ਸਤੰਬਰ (ਪ੍ਰਦੀਪ ਕੁਮਾਰ)-ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਕੁਮਾਰ ਜਾਖੜ ਵਲੋਂ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੜ੍ਹ ਅਤੇ ਬਰਸਾਤ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਵਲੋਂ ਸੇਮ ਨਾਲੇ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਫ਼ਾਜ਼ਿਲਕਾ ਦੇ ਪਿੰਡ ਸਾਬੂਆਣਾ, ਹੜ੍ਹ ਪ੍ਰਭਾਵਿਤ ਪਿੰਡਾਂ ਕਾਂਵਾਂਵਾਲੀ ਪਤਨ ਪੁਲ ਅਤੇ ਪਾਰ ਦੇ ਪਿੰਡਾਂ ਦਾ ਜਾਇਜ਼ਾ ਲਿਆ। ਜਿਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੀੜਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪਿੰਡਾਂ ਦੇ ਪਿੰਡ ਪਾਣੀ ਵਿਚ ਡੁੱਬੇ ਹੋਏ ਹਨ। ਪਿੰਡਾਂ ਦੇ ਮਾੜੇ ਹਾਲਾਤ ਹਨ। ਉਨ੍ਹਾਂ ਕਿਹਾ ਕਿ ਅੱਜ ਨਾ ਤਾਂ ਮਜ਼ਦੂਰਾਂ ਅਤੇ ਨਾ ਹੀ ਕਿੰਨੂੰ ਦੀ ਪੈਦਾਵਾਰ ਕਰਨ ਵਾਲੇ ਬਾਗਵਾਨਾਂ ਦਾ ਕੋਈ ਹਾਲ ਪੁੱਛ ਰਿਹਾ ਹੈ। ਕਿੰਨੂੰ ਬਾਗਵਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ।