ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਦਿੱਤੀ ਜਾਵੇ ਪ੍ਰਵਾਨਗੀ - ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 15 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੰਬਰ ਵਿਚ ਸ੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜੱਥਿਆਂ ਨੂੰ ਜਾਣ ਦੀ ਪ੍ਰਵਾਨਗੀ ਨਾ ਦੇਣ ਦੇ ਹੁਕਮਾਂ ਦੀ ਸਮੀਖਿਆ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਮੈਚਾਂ ਦੀ ਸ਼ੁਰੂਆਤ ਮਗਰੋਂ ਹੁਣ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਿਆ ਜਾਵੇ।
ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਵਲੋਂ ਨਵੰਬਰ ਮਹੀਨੇ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਪਾਕਿਸਤਾਨ ਜਾਣ ਵਾਲੇ ਜੱਥਿਆਂ ਦੀਆਂ ਅਰਜ਼ੀਆਂ ਪ੍ਰਵਾਨ ਨਾ ਕਰਨ ਲਈ ਜਾਰੀ ਕੀਤੇ ਗਏ ਹੁਕਮਾਂ ਦੀ ਸਮੀਖਿਆ ਕੀਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਸ਼ਰਧਾਲੂ 1950 ਦੇ ਨਹਿਰੂ-ਲਿਆਕਤ ਸਮਝੌਤੇ ਤਹਿਤ ਹਰ ਸਾਲ ਪਾਕਿਸਤਾਨ ਵਿਚ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਜਾਂਦੇ ਹਨ ਤੇ ਸਮਝੌਤੇ ਤਹਿਤ ਚਾਰ ਅਹਿਮ ਮੌਕਿਆਂ ’ਤੇ ਇਨ੍ਹਾਂ ਜੱਥਿਆਂ ਵਾਸਤੇ ਵਿਸ਼ੇਸ਼ ਪ੍ਰਵਾਨਗੀ ਹੁੰਦੀ ਹੈ, ਜਿਨ੍ਹਾਂ ਵਿਚੋਂ ਸਭ ਤੋਂ ਅਹਿਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਹੁੰਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਸਿੱਖ ਸ਼ਰਧਾਲੂ ਇਸ ਪਵਿੱਤਰ ਮੌਕੇ ’ਤੇ ਸ੍ਰੀ ਨਨਕਾਣਾ ਸਾਹਿਬ ਨਤਮਤਸਕ ਹੋਣਾ ਲੋਚਦੇ ਹਨ ਅਤੇ ਉਹਨਾਂ ਨੂੰ ਅਜਿਹਾ ਨਾ ਕਰਨ ਦੇਣ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਸੰਬੰਧ ਵਿਚ ਜਾਰੀ ਐਡਵਾਈਜ਼ਰੀ ਦੀ ਸਮੀਖਿਆ ਕੀਤੀ ਜਾਵੇ ਅਤੇ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਆਪਣੇ ਜ਼ੋਖ਼ਮ ’ਤੇ ਜਾਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਆਪਣੀ ਕੁੜਤਣ ਸਿਖ਼ਰਾਂ ’ਤੇ ਸੀ, ਉਸ ਵੇਲੇ ਵੀ ਸਿੱਖ ਪਾਕਿਸਤਾਨ ਗਏ ਸਨ ਅਤੇ ਹੁਣ ਦੋਵਾਂ ਮੁਲਕਾਂ ਦਰਮਿਆਨ ਕ੍ਰਿਕਟ ਸੰਬੰਧ ਮੁੜ ਸ਼ੁਰੂ ਹੋਣ ਤੋਂ ਬਾਅਦ ਸਿੱਖਾਂ ਨੂੰ ਪਾਕਿਸਤਾਨ ਵਿਚ ਉਨ੍ਹਾਂ ਦੇ ਪਵਿੱਤਰ ਅਸਥਾਨਾਂ ’ਤੇ ਜਾਣ ਦੀ ਆਗਿਆ ਦਿੱਤੀ ਜਾਣੀ ਚਾਹੀਦੀ ਹੈ
ਅਕਾਲੀ ਦਲ ਦੇ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਪਾਕਿਸਤਾਨ ਵਿਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਸਤੇ ਕਰਤਾਰਪੁਰ ਲਾਂਘਾ ਵੀ ਮੁੜ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਕਰਤਾਰਪੁਰ ਸਾਹਿਬ ਦੇ ਹੜ੍ਹਾਂ ਦੇ ਪਾਣੀ ਵਿਚ ਘਿਰ ਜਾਣ ਦੀਆਂ ਰਿਪੋਰਟਾਂ ਤੋਂ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪਾਕਿਸਤਾਨ ਸਰਕਾਰ ਨੇ ਪਵਿੱਤਰ ਅਸਥਾਨ ਦੀ ਸਫ਼ਾਈ ਕਰਵਾ ਦਿੱਤੀ ਹੈ ਪਰ ਸਿੱਖ ‘ਸੇਵਾ’ ਵਿਚ ਭਾਗ ਲੈਣਾ ਚਾਹੁੰਦੇ ਹਨ ਕਿਉਂਕਿ ਇਸ ਅਸਥਾਨ ਪ੍ਰਤੀ ਸਿੱਖਾਂ ਵਿਚ ਬਹੁਤ ਡੂੰਘੀ ਸੇਵਾ ਭਾਵਨਾ ਤੇ ਭਾਵੁਕ ਮੁਹੱਤਤਾ ਹੈ।