ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ ਮਨਾਈ ਬਰਸੀ

ਅਟਾਰੀ, (ਅੰਮ੍ਰਿਤਸਰ), 16 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਰਹੱਦੀ ਕਸਬਾ ਅਟਾਰੀ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਪੁੱਤਰ ਮਹਾਰਾਜਾ ਸ਼ੇਰ ਸਿੰਘ ਦੀ ਸਾਲਾਨਾ ਬਰਸੀ ਕੰਵਰ ਕਰਵਿੰਦਰਪਾਲ ਸਿੰਘ ਅਤੇ ਪਰਿਵਾਰਕ ਮੈਂਬਰਾਂ ਵਲੋਂ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਮਹਾਰਾਜਾ ਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਬੀਬਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਹਰਭਜਨ ਸਿੰਘ ਵਲੋਂ ਵਾਹਿਗੁਰੂ ਅੱਗੇ ਅਰਦਾਸ ਕਰਕੇ ਪ੍ਰਸ਼ਾਦ ਵਰਤਾਏ ਗਏ ਅਤੇ ਮਹਾਰਾਜਾ ਸ਼ੇਰ ਸਿੰਘ ਦੀ ਜੀਵਨੀ ਬਾਰੇ ਜਾਣਕਾਰੀ ਦਿੱਤੀ ਗਈ।
ਮਹਾਰਾਜਾ ਸ਼ੇਰ ਸਿੰਘ ਦੀ ਪੰਜਵੀਂ ਪੀੜ੍ਹੀ ਦੇ ਵਾਰਿਸ ਕੰਵਰ ਕਰਵਿੰਦਰਪਾਲ ਸਿੰਘ, ਕੰਵਰ ਦਵਿੰਦਰਪਾਲ ਸਿੰਘ, ਕੰਵਰ ਮੀਤਪਾਲ ਸਿੰਘ, ਅਜੇਪ੍ਰੀਤ ਸਿੰਘ, ਸੁੱਖਪ੍ਰੀਤ ਸਿੰਘ, ਮੇਰਾ ਪਿੰਡ ਮੇਰੀ ਸ਼ਾਨ ਟੀਮ ਦੇ ਨੁਮਾਇੰਦੇ ਹਰਜੋਧਬੀਰ ਸਿੰਘ ਅਟਾਰੀ, ਭਜਨ ਸਿੰਘ ਸੇਠ, ਚਰਨਜੀਤ ਸਿੰਘ ਸੇਠ, ਹਰਪ੍ਰੀਤ ਸਿੰਘ, ਅਵਿਨਾਸ਼ ਚੰਦਰ ਅਤੇ ਮੋਹਤਬਰ ਵਿਅਕਤੀਆਂ ਵਲੋਂ ਮਹਾਰਾਜਾ ਸ਼ੇਰ ਸਿੰਘ ਦੀ ਤਸਵੀਰ ਉਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਕੰਵਰ ਕਰਵਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਇਕ ਬਹਾਦਰ ਜਰਨੈਲ ਹੋਏ ਹਨ ਜਿਨ੍ਹਾਂ ਦੀ 182ਵੀਂ ਬਰਸੀ ਮਨਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਖੜਕ ਸਿੰਘ ਮਹਾਰਾਜਾ ਬਣੇ ਅਤੇ ਖੜਕ ਸਿੰਘ ਦੀ ਮੌਤ ਤੋਂ ਬਾਅਦ ਮਹਾਰਾਜਾ ਸ਼ੇਰ ਸਿੰਘ ਮਹਾਰਾਜਾ ਬਣੇ ਸਨ। ਸ਼ਾਹ ਬਲਾਵਲ ਬਾਰਾਂਦਰੀ ਲਾਹੌਰ ਵਿਖੇ ਕੁਸ਼ਤੀਆਂ ਵੇਖ ਰਹੇ ਮਹਾਰਾਜਾ ਸ਼ੇਰ ਸਿੰਘ ਨੂੰ ਅਜੀਤ ਸਿੰਘ ਸੰਧਾਵਾਲੀਆ ਵਲੋਂ ਦੋਨਾਲੀ ਬੰਦੂਕ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਉਸੇ ਦਿਨ ਹੀ ਮਹਾਰਾਜਾ ਸ਼ੇਰ ਸਿੰਘ ਦੇ ਪੁੱਤਰ ਟਿੱਕਾ ਪ੍ਰਤਾਪ ਸਿੰਘ ਨੂੰ ਵੀ ਲਹਿਣਾ ਸਿੰਘ ਵਲੋਂ ਕਤਲ ਕਰ ਦਿੱਤਾ ਗਿਆ ਸੀ। ਕੰਵਰ ਕਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਜੇਕਰ ਮਹਾਰਾਜਾ ਸ਼ੇਰ ਸਿੰਘ ਦਾ ਕਤਲ ਨਾ ਹੁੰਦਾ ਤਾਂ ਅੱਜ ਪੰਜਾਬ ਦਾ ਇਤਿਹਾਸ ਕੁਝ ਹੋਰ ਹੀ ਹੁੰਦਾ। ਉਨ੍ਹਾਂ ਕਿਹਾ ਕਿ ਮਹਾਰਾਜਾ ਸ਼ੇਰ ਸਿੰਘ ਸਿੱਖ ਜਗਤ ਦੇ ਸਾਂਝੇ ਜਰਨੈਲ ਸਨ ਜਿਨ੍ਹਾਂ ਨੇ ਲੱਦਾਖ, ਤਿੱਬਤ ਅਤੇ ਚੀਨ ਤੱਕ ਸਿੱਖ ਰਾਜ ਦੀਆਂ ਹੱਦਾਂ ਕਾਇਮ ਕੀਤੀਆਂ। ਮਹਾਰਾਜਾ ਸ਼ੇਰ ਸਿੰਘ ਦੀ ਪੰਜਵੀਂ ਪੀੜ੍ਹੀ ਦੇ ਵਾਰਸਾਂ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਬਟਾਲਾ ਵਿਖੇ ਮਹਾਰਾਜਾ ਸ਼ੇਰ ਸਿੰਘ ਦੀ ਯਾਦਗਾਰ ਬਣਾਈ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਇਤਿਹਾਸ ਬਾਰੇ ਪਤਾ ਚੱਲ ਸਕੇ।