350 ਸਾਲਾ ਸ਼ਤਾਬਦੀ: ਸ਼ਹੀਦੀ ਨਗਰ ਕੀਰਤਨ ਮੰਡਲਾਂ ਮੱਧ ਪ੍ਰਦੇਸ਼ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ


ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੰਡਲਾਂ ਤੋਂ ਬਿਲਾਸਪੁਰ ਛੱਤੀਸਗੜ੍ਹ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਿਸ਼ਾਹ ਜੀ ਦੁਆਰਾ ਉਚਾਰਨ ਕੀਤੀ ਗੁਰਬਾਣੀ ਬਾਰੇ ਕਥਾ ਵਿਚਾਰਾਂ ਕੀਤੀਆਂ। ਉਨ੍ਹਾਂ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਵੀ ਸਾਂਝ ਪਾਈ। ਇਸ ਮੌਕੇ ਮੈਂਬਰ ਪਾਰਲੀਮੈਂਟ ਫੱਗਨ ਸਿੰਘ ਕੁਲੱਸਤੇ ਤੇ ਸ੍ਰੀ ਪ੍ਰਫੁੱਲ ਮਿਸ਼ਰਾ ਕੁਲੈਕਟਰ ਵਲੋਂ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।
ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਨੌਵੇਂ ਪਾਤਿਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਨਗਰ ਕੀਰਤਨ ਦਾ ਸੰਗਤਾਂ ਨੇ ਵੱਖ-ਵੱਖ ਪੜਾਵਾਂ ’ਤੇ ਉਤਸ਼ਾਹ ਨਾਲ ਭਰਵਾਂ ਸਵਾਗਤ ਕੀਤਾ। ਵੱਖ-ਵੱਖ ਧਰਮਾਂ ਦੇ ਲੋਕਾਂ ਵਿਚ ਨਗਰ ਕੀਰਤਨ ਪ੍ਰਤੀ ਵੱਡੀ ਸ਼ਰਧਾ ਸੀ ਅਤੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ।
ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਇੰਚਾਰਜ ਸ. ਪਲਵਿੰਦਰ ਸਿੰਘ, ਸ. ਸਰਬਜੀਤ ਸਿੰਘ, ਵਧੀਕ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਅਮਰਜੀਤ ਸਿੰਘ ਜਿੰਦਵੜੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਮਨਜੀਤ ਸਿੰਘ, ਸਕੱਤਰ ਸ. ਸੁਰਿੰਦਰ ਸਿੰਘ, ਸ. ਅਵਤਾਰ ਸਿੰਘ ਖਜ਼ਾਨਚੀ, ਸ. ਹਰਮੀਤ ਸਿੰਘ, ਸ. ਚਰਨਜੀਤ ਸਿੰਘ, ਸ. ਅਜੈਬ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਲਖਬੀਰ ਸਿੰਘ, ਸਿੱਖ ਮਿਸ਼ਨ ਉਜੈਨ ਦੇ ਇੰਚਾਰਜ ਭਾਈ ਬਲਦੇਵ ਸਿੰਘ ਓਗਰਾ, ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਮੋਹਣ ਸਿੰਘ, ਸ. ਸਰਵਨਜੀਤ ਸਿੰਘ ਧਾਮੀ, ਸ. ਭੁਪਿੰਦਰ ਸਿੰਘ ਸੇਖੋਂ, ਸ. ਜਗਮਿੰਦਰ ਸਿੰਘ, ਸ. ਗੁਲਾਮ ਸਿੰਘ, ਸ. ਸਰਵਦੀਪ ਸਿੰਘ, ਸ. ਮਨਜੀਤ ਸਿੰਘ, ਮੀਤ ਮੈਨੇਜਰ ਭਾਈ ਗੁਰਪ੍ਰੀਤ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਤੇ ਸ. ਅਮਰਜੀਤ ਸਿੰਘ, ਪ੍ਰਚਾਰਕ ਭਾਈ ਗਗਨਦੀਪ ਸਿੰਘ, ਭਾਈ ਗੁਰਪਿੰਦਰ ਸਿੰਘ, ਭਾਈ ਸੰਤੋਖ ਸਿੰਘ, ਭਾਈ ਵੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।