ਐੱਸ.ਐੱਚ.ਓ. ਬਿਕਰਮਜੀਤ ਨੇ ਪੁਲਿਸ ਥਾਣਾ ਰਾਜਾਸਾਂਸੀ ਦਾ ਚਾਰਜ ਸੰਭਾਲਿਆ

ਰਾਜਾਸਾਂਸੀ, 17 ਸਤੰਬਰ (ਹਰਦੀਪ ਸਿੰਘ ਖੀਵਾ)-ਐੱਸ.ਐਚ.ਓ. ਮਨਤੇਜ ਸਿੰਘ ਦੇ ਤਬਾਦਲੇ ਤੋਂ ਬਾਅਦ ਸਬ-ਇੰਸਪੈਕਟਰ ਬਿਕਰਮਜੀਤ ਸਿੰਘ ਨੇ ਐੱਸ. ਐੱਚ. ਓ. ਵਜੋਂ ਥਾਣਾ ਰਾਜਾਸਾਂਸੀ ਦਾ ਚਾਰਜ ਸੰਭਾਲ ਲਿਆ ਹੈ। ਇਸ ਸਮੇਂ ਰਾਜਾਸਾਂਸੀ ਦੇ ਡੀ.ਐਸ.ਪੀ ਇੰਦਰਜੀਤ ਸਿੰਘ ਵੀ ਮੌਜੂਦ ਸਨ। ਇਸ ਦੌਰਾਨ ਐਸ. ਐਚ. ਓ. ਬਿਕਰਮਜੀਤ ਸਿੰਘ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇੇ ਆਦੇਸ਼ਾਂ ਅਨੁਸਾਰ ਸਰਕਾਰ ਅਤੇ ਪੰਜਾਬ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਮੁਹਿੰਮ `ਯੁੱਧ' ਨਸ਼ਿਆਂ ਵਿਰੁੱਧ' ਤਹਿਤ ਉਹ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਮਨਿੰਦਰ ਸਿੰਘ ਅਤੇ ਡੀ. ਐਸ. ਪੀ. ਇੰਦਰਜੀਤ ਸਿੰਘ ਦੀ ਯੋਗ ਅਗਵਾਈ ਵਿਚ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਕੋਈ ਢਿੱਲ-ਮੱਠ ਨਹੀਂ ਵਰਤਣਗੇ, ਸਗੋਂ ਉਨ੍ਹਾਂ ਦੇ ਨਾਲ ਪੂਰੀ ਸਖਤੀ ਨਾਲ ਨਜਿੱਠਿਆ ਜਾਵੇਗਾ ਅਤੇ ਕੋਈ ਵੀ ਗ਼ੈਰ-ਕਾਨੂੰਨੀ ਕੰਮ ਨਹੀਂ ਹੋਣ ਦੇਣਗੇ।
ਉਨ੍ਹਾਂ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੇ ਕੰਮ ਨੂੰ ਸਮੇਟ ਲੈਣ ਕਿਉਂਕਿ ਫੜੇ ਜਾਣ ਉਤੇ ਬਖ਼ਸ਼ਿਆ ਨਹੀਂ ਜਾਵੇਗਾ। ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਕਿਹਾ ਕਿ ਥਾਣਾ ਰਾਜਾਸਾਂਸੀ ਦੀ ਪੁਲਿਸ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਥਾਣੇ ਦੇ ਖੇਤਰ ਵਿਚ ਆਉਂਦੇ ਸਮੂਹ ਮੈਡੀਕਲ ਸਟੋਰਾਂ ਵਾਲਿਆਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਨਸ਼ੀਲੇ ਕੈਪਸੂਲ ਜਾਂ ਨਸ਼ੀਲੀਆਂ ਦਵਾਈਆਂ ਵੇਚਣ ਤੋਂ ਗੁਰੇਜ਼ ਕਰਨ ਤੇ ਪੁਲਿਸ ਦਾ ਪੂਰਾ ਸਹਿਯੋਗ ਦੇਣ। ਉਨ੍ਹਾਂ ਪਿੰਡਾਂ ਦੇ ਮੋਹਤਬਰਾਂ ਤੇ ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਪੁਲਿਸ ਦਾ ਸਹਿਯੋਗ ਦੇਣ ਕਿਉਂਕਿ ਜਨਤਾ ਦੇ ਸਹਿਯੋਗ ਨਾਲ ਹੀ ਸ਼ਰਾਰਤੀ ਅਨਸਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਈ ਜਾ ਸਕਦੀ ਹੈ।