ਦਲ ਖਾਲਸਾ ਵਲੋਂ 21 ਸਤੰਬਰ ਨੂੰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ ਪੰਜਾਬ ਸੰਮੇਲਨ 2025- ਕੰਵਰਪਾਲ ਸਿੰਘ, ਮੰਡ

ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖਾਲਸਾ ਵਲੋਂ ਪੰਜਾਬ ਅਤੇ ਸਿੱਖ ਪੰਥ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਦੇ ਸੰਬੰਧ ਵਿਚ ਵਿਚਾਰ ਚਰਚਾ ਕਰਨ ਲਈ 21 ਸਤੰਬਰ ਨੂੰ ਜਲੰਧਰ ਵਿਖੇ ਪੰਜਾਬ ਸੰਮੇਲਨ 2025 ਕਰਵਾਇਆ ਜਾ ਰਿਹਾ ਹੈ। ਅੱਜ ਇਥੇ ਦਲ ਖਾਲਸਾ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਅਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੱਸਿਆ ਕਿ ਜਲੰਧਰ ਵਿਖੇ ਹੋਣ ਜਾ ਰਹੇ ਪੰਜਾਬ ਸੰਮੇਲਨ ਦੌਰਾਨ 2025 ਪੰਜਾਬ ਦੀ ਕਿਸਾਨੀ ਦਾ ਲੱਕ ਭੰਨਣ ਲਈ ਕੇਂਦਰ ਸਰਕਾਰ ਵਲੋਂ ਪਾਣੀ ਦੀ ਹਥਿਆਰ ਵਜੋਂ ਕੀਤੀ ਗਈ ਵਰਤੋਂ, ਪੰਜਾਬ ਪੁਲਿਸ ਵਲੋਂ ਫ਼ਰਜ਼ੀ ਮੁਕਾਬਲੇ ਅਤੇ ਤਸ਼ੱਦਦ ਰਾਹੀਂ ਹਿੰਸਾ ਅਤੇ ਸਰਕਾਰੀ ਸ਼ਹਿ ਪ੍ਰਾਪਤ ਪੰਜਾਬ ਵਿਚ ਹੋ ਰਹੇ ਪ੍ਰਵਾਸ ਸੰਬੰਧੀ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ 25 ਵਿਦਵਾਨ ਅਤੇ ਬੁੱਧੀਜੀਵੀ ਆਪਣੇ ਵਿਚਾਰ ਪੇਸ਼ ਕਰਨਗੇ। ਦੋਵਾਂ ਸਿੱਖ ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ’ਤੇ ਰੋਕ ਨਹੀਂ ਲਗਾਉਣੀ ਚਾਹੀਦੀ ਬਲਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਵੀ ਤੁਰੰਤ ਖੋਲ੍ਹਣਾ ਚਾਹੀਦਾ ਹੈ।