ਵਿਰਸਾ ਸਿੰਘ ਵਲਟੋਹਾ ਪਹੁੰਚੇ ਜੇਲ੍ਹ ’ਚ ਨਜ਼ਰਬੰਦ ਮਜੀਠੀਆ ਨਾਲ ਮੁਲਾਕਾਤ ਕਰਨ

ਨਾਭਾ, (ਪਟਿਆਲਾ), 22 ਸਤੰਬਰ (ਜਗਨਾਰ ਸਿੰਘ ਦੁਲੱਦੀ)- ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਅੱਜ ਅਕਾਲੀ ਆਗੂ ਜਥੇਦਾਰ ਵਿਰਸਾ ਸਿੰਘ ਵਲਟੋਹਾ ਪਹੁੰਚੇ, ਜਿਥੇ ਜੇਲ੍ਹ ਪ੍ਰਸ਼ਾਸਨ ਵਲੋਂ ਜਥੇਦਾਰ ਵਲਟੋਹਾ ਨੂੰ ਮਜੀਠੀਆ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।
ਜੇਲ ਪ੍ਰਸ਼ਾਸਨ ਵਲੋਂ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਮਨ੍ਹਾ ਕਰਨ ਉਪਰੰਤ ਜੇਲ੍ਹ ਦੇ ਬਾਹਰ ਜਥੇਦਾਰ ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਜੇਲ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਧੱਕੇਸ਼ਾਹੀਆਂ ’ਤੇ ਉਤਰ ਆਈ ਹੈ, ਜਿਸ ਕਰਕੇ ਜੇਲ੍ਹ ’ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਅਕਾਲੀ ਵਰਕਰਾਂ ਦੀਆਂ ਮੁਲਾਕਾਤਾਂ ਨਹੀਂ ਹੋਣ ਦਿੱਤੀਆਂ ਜਾ ਰਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ। ਇਸ ਮੌਕੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਬਲਵਿੰਦਰ ਸਿੰਘ ਧਾਰਨੀ, ਅਮਰੀਕ ਸਿੰਘ ਥੂਹੀ, ਸੁਖਵਿੰਦਰ ਸਿੰਘ ਛੀਟਾਂਵਾਲਾ, ਸੰਜੀਵ ਸ਼ਰਮਾ ਦੁਲੱਦੀ ਆਦਿ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।