ਰਾਹੁਲ ਗਾਂਧੀ 4 ਦੇਸ਼ਾਂ ਦੇ ਦੱਖਣੀ ਅਮਰੀਕਾ ਦੌਰੇ ’ਤੇ ਹੋਏ ਰਵਾਨਾ

ਨਵੀਂ ਦਿੱਲੀ, 27 ਸਤੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਚਾਰ ਦੱਖਣੀ ਅਮਰੀਕੀ ਦੇਸ਼ਾਂ ਦੇ ਦੌਰੇ ’ਤੇ ਰਵਾਨਾ ਹੋਏ ਹਨ, ਜਿਥੇ ਉਨ੍ਹਾਂ ਦੇ ਰਾਜਨੀਤਿਕ ਨੇਤਾਵਾਂ, ਵਿਦਿਆਰਥੀਆਂ ਅਤੇ ਕਾਰੋਬਾਰੀਆਂ ਨਾਲ ਗੱਲਬਾਤ ਕਰਨ ਦੀ ਉਮੀਦ ਹੈ। ਕਾਂਗਰਸ ਦੇ ਮੀਡੀਆ ਅਤੇ ਪ੍ਰਚਾਰ ਵਿਭਾਗ ਦੇ ਇੰਚਾਰਜ ਪਵਨ ਖੇੜਾ ਨੇ ਇਹ ਜਾਣਕਾਰੀ ਦਿੱਤੀ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਗਾਂਧੀ ਕਿੰਨੇ ਦਿਨ ਦੇਸ਼ ਤੋਂ ਬਾਹਰ ਰਹਿਣਗੇ।
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ, ਦੱਖਣੀ ਅਮਰੀਕਾ ਦੇ ਦੌਰੇ ’ਤੇ ਰਵਾਨਾ ਹੋ ਗਏ ਹਨ। ਉਨ੍ਹਾਂ ਦਾ ਚਾਰ ਦੇਸ਼ਾਂ ਦੇ ਰਾਜਨੀਤਿਕ ਨੇਤਾਵਾਂ, ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਵਪਾਰਕ ਭਾਈਚਾਰੇ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦਾ ਪ੍ਰੋਗਰਾਮ ਹੈ। ”ਖੇੜਾ ਨੇ ਟਵੀਟ ’ਤੇ ਆਪਣੀ ਪੋਸਟ ਵਿਚ ਕਿਹਾ।
ਕਾਂਗਰਸ ਦੇ ਅਨੁਸਾਰ ਗਾਂਧੀ ਬ੍ਰਾਜ਼ੀਲ ਅਤੇ ਕੋਲੰਬੀਆ ਦਾ ਦੌਰਾ ਕਰਨਗੇ, ਜਿਥੇ ਉਨ੍ਹਾਂ ਦੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਨ ਦੀ ਉਮੀਦ ਹੈ। ਪਾਰਟੀ ਨੇ ਕਿਹਾ ਕਿ ਉਹ ਕਈ ਦੇਸ਼ਾਂ ਦੇ ਰਾਸ਼ਟਰਪਤੀਆਂ ਅਤੇ ਸੀਨੀਅਰ ਨੇਤਾਵਾਂ ਨਾਲ ਮੀਟਿੰਗਾਂ ਕਰਨਗੇ ਤੇ ਲੋਕਤੰਤਰੀ ਅਤੇ ਰਣਨੀਤਕ ਸੰਬੰਧਾਂ ਨੂੰ ਮਜ਼ਬੂਤ ਕਰਨਗੇ।