ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ 'ਆਪ' ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਵਿਖੇ ਸੰਘਰਸ਼ ਦਾ ਐਲਾਨ

ਅਟਾਰੀ, 30 ਸਤੰਬਰ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)-ਅੱਜ ਸਰਕਾਰੀ ਆਈ.ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਮੀਟਿੰਗ ਹੋਈ, ਜਿਸ ਵਿਚ ਸੂਬਾ ਕਮੇਟੀ ਮੈਂਬਰਾਂ ਵਲੋਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਗਿਆ। ਮੀਟਿੰਗ ਵਿਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਬੈਨਰ ਹੇਠ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਵਿਖੇ 5 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਵੀ ਕੀਤਾ ਜਾਵੇਗਾ।
ਸੂਬਾ ਕਮੇਟੀ ਦੇ ਮੈਂਬਰ ਹਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈਜ਼ ਵਿਚ ਗਰੁੱਪ ਬੀ ਕਰਾਫਟ ਇੰਸਟਰੱਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15 ਹਜ਼ਾਰ ਰੁਪਏ ਪ੍ਰਤੀ ਮਹੀਨਾ 'ਤੇ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ। ਸਾਡੀ ਭਰਤੀ ਵਿਭਾਗ ਵਲੋਂ ਸਮੇਂ-ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ। ਅਸੀਂ ਡੀ. ਜੀ. ਟੀ. ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ ਪਰ ਫਿਰ ਵੀ ਸਾਡੇ ਨਾਲ ਧੱਕਾ ਕਰ ਰਹੀ ਹੈ।