JALANDHAR WEATHER

ਨਸ਼ੇ ਦੀ ਵਧ ਮਾਤਰਾ ਨਾਲ ਤਿੰਨ ਨੌਜਵਾਨਾਂ ਦੀ ਮੌਤ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 1 ਅਕਤੂਬਰ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਹਲਕੇ ਵਿਚ ਆਏ ਦਿਨ ਨਸ਼ੇ ਦੀ ਵਧ ਮਾਤਰਾ ਨਾਲ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੀ ਰਾਤ ਵੀ ਗੁਰੂ ਹਰ ਸਹਾਏ ਹਲਕੇ ਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਇਸ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ।

ਜਾਣਕਾਰੀ ਅਨੁਸਾਰ ਰਾਜਨ ਪੁੱਤਰ ਬਚਿੱਤਰ ਸਿੰਘ ਉਮਰ ਕਰੀਬ 25 ਸਾਲ, ਰਣਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ ਕਰੀਬ 25 ਸਾਲ ਅਤੇ ਨਾਇਬ ਸਿੰਘ ਪੁੱਤਰ ਮੁਖਤਿਆਰ ਸਿੰਘ ਉਮਰ ਕਰੀਬ 22 ਸਾਲ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਨਸ਼ੇ ਦੇ ਆਦੀ ਸਨ ਅਤੇ ਰਾਤ ਨੂੰ ਵੀ ਉਨ੍ਹਾਂ ਵਲੋਂ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਉਨ੍ਹਾਂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਅੱਜ ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਇਨ੍ਹਾਂ ਤਿੰਨਾਂ ਨੌਜਵਾਨਾਂ ਦੀ ਲਾਸ਼ ਨੂੰ ਸੜਕ ’ਤੇ ਰੱਖ ਕੇ ਫ਼ਿਰੋਜ਼ਪੁਰ ਫ਼ਾਜ਼ਿਲਕਾ ਰੋਡ ਜਾਮ ਕਰਕੇ ਧਰਨਾ ਲਗਾ ਦਿੱਤਾ ਹੈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਗੁਰੂ ਹਰ ਸਹਾਏ ਹਲਕੇ ਵਿਚ ਵੱਡੇ ਪੱਧਰ ’ਤੇ ਨਸ਼ਾ ਵਿਕ ਰਿਹਾ ਹੈ, ਜਿਸ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਪਰੰਤੂ ਪੁਲਿਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ਤੇ ਇਨ੍ਹਾਂ ਨਸ਼ਾ ਸਮਗਲਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਨਸ਼ਾ ਸਮਗਲਰਾਂ ਦੇ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਨਹੀਂ ਕੀਤੀ ਜਾਂਦੀ, ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਧਰਨੇ ਦਾ ਪਤਾ ਚੱਲਦਿਆਂ ਹੀ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਈਆ ਮੌਕੇ ’ਤੇ ਪਹੁੰਚ ਕੇ ਲੋਕਾਂ ਦੇ ਨਾਲ ਗੱਲਬਾਤ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ