JALANDHAR WEATHER

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਗੁਰੂ ਨਗਰੀ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂ ਵੰਡੇ

ਅੰਮ੍ਰਿਤਸਰ, 1 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਸਜਾਏ ਜਾ ਰਹੇ ਗੁਰਮਤਿ ਸਮਾਗਮਾਂ ਅਤੇ 7 ਅਕਤੂਬਰ ਨੂੰ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਵਿਚ ਸ਼ਾਮਿਲ ਹੋਣ ਲਈ ਅੱਜ ਸ੍ਰੀ ਦਰਬਾਰ ਸਾਹਿਬ ਨੇੜਲੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂ ਵੰਡੇ ਗਏ। ਅੱਜ ਸਵੇਰੇ ਅਰਦਾਸ ਉਪਰੰਤ ਲੱਡੂਆਂ ਦਾ ਪ੍ਰਸ਼ਾਦ ਅਤੇ ਸੱਦਾ ਪੱਤਰ ਵੰਡਣ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਪ੍ਰਧਾਨ ਦੇ ਓ.ਐਸ.ਡੀ. ਸਤਬੀਰ ਸਿੰਘ ਧਾਮੀ ਵਲੋਂ ਗੁਰੂ ਰਾਮਦਾਸ ਨਿਵਾਸ ਨੇੜਲੇ ਬ੍ਰਹਮ ਬੂਟਾ ਮਾਰਕੀਟ ਤੋਂ ਕੀਤੀ ਗਈ।

ਇਸ ਮੌਕੇ ਪ੍ਰਧਾਨ ਧਾਮੀ ਅਤੇ ਮੈਨੇਜਰ ਧੰਗੇੜਾ ਨੇ ਦੱਸਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ ਅੱਠ ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ ਅਤੇ ਇਸ ਸੰਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਏ ਜਾਣ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਦੀਵਾਨ ਸਜਾਏ ਜਾਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਗੁਰੂ ਨਗਰੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਇਨਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ