ਥਾਣਾ ਲੋਪੋਕੇ ਵਿਖੇ ਧਰਨੇ ਦੌਰਾਨ ਕਿਸਾਨ ਆਗੂਆਂ 'ਤੇ ਟਰੈਕਟਰ ਚੜ੍ਹਾ ਕੇ ਜਾਨਲੇਵਾ ਹਮਲਾ

ਚੋਗਾਵਾਂ/ਅੰਮ੍ਰਿਤਸਰ, 1 ਅਕਤੂਬਰ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਵਿਖੇ ਠੇਕੇ ਲਈ ਪੰਚਾਇਤੀ ਜ਼ਮੀਨ 'ਚ ਬੀਜੀ ਝੋਨੇ ਦੀ ਫਸਲ ਨੂੰ ਜਬਰੀ ਵੱਢ ਕੇ ਲਿਜਾਣ ਤੇ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਾ ਕਰਨ ਉਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਥਾਣਾ ਲੋਪੋਕੇ ਦਾ ਘਿਰਾਓ ਕਰਕੇ ਪੁਲਿਸ ਪ੍ਰਸ਼ਾਸਨ ਖਿਲਾਫ ਸਖਤ ਸ਼ਬਦਾਂ ਵਿਚ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ, ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਕਲੇਰ ਨੇ ਕਿਹਾ ਕਿ ਕਸਬਾ ਚੋਗਾਵਾਂ ਦੇ ਕਿਸਾਨ ਰਜਿੰਦਰ ਸਿੰਘ ਦੇ ਪਰਿਵਾਰ ਨਾਲ ਹੋਈ ਧੱਕੇਸ਼ਾਹੀ ਦਾ ਇਨਸਾਫ ਦਿਵਾਉਣ ਲਈ ਥਾਣਾ ਲੋਪੋਕੇ ਦਾ ਘਰਾਓ ਕੀਤਾ ਗਿਆ ਸੀ। ਧਰਨੇ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦਿਆਂ ਸਿਆਸੀ ਸ਼ਹਿ ਉਤੇ ਪੁਲਿਸ ਦੀ ਮਿਲੀਭੁਗਤ ਨਾਲ ਹਥਿਆਰਾਂ ਨਾਲ ਲੈਸ ਹੋ ਕੇ ਧਰਨਾਕਾਰੀਆਂ ਉੱਪਰ ਟਰੈਕਟਰ ਚੜ੍ਹਾ ਕੇ ਜਾਨਲੇਵਾ ਹਮਲਾ ਕੀਤਾ ਗਿਆ ਤੇ ਕਿਸਾਨਾਂ ਭੱਜ ਕੇ ਆਪਣੀਆਂ ਜਾਨਾਂ ਬਚਾਈਆਂ। ਉਕਤ ਦੋਸ਼ੀਆਂ ਨੂੰ ਫੜ ਕੇ ਪੁਲਿਸ ਥਾਣੇ ਫੜਾ ਦਿੱਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ ਕਲੇਰ ਸਿੰਘ ਨੇ ਕਿਹਾ ਕਿ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਸਿਆਸੀ ਸ਼ਹਿ ਉਤੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਧਰਨਾ ਚੁੱਕਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਜਥੇਬੰਦੀ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੀ ਨਹੀਂ। ਪਰਿਵਾਰ ਨੂੰ ਇਨਸਾਫ ਦਿਵਾ ਕੇ ਹੀ ਦਮ ਲਵੇਗੀ।