ਕੇਂਦਰੀ ਕਰਮਚਾਰੀਆਂ ਦਾ ਵਧਿਆ ਮਹਿੰਗਾਈ ਭੱਤਾ

ਨਵੀਂ ਦਿੱਲੀ, 1 ਅਕਤੂਬਰ- ਕੇਂਦਰੀ ਮੰਤਰੀ ਮੰਡਲ ਨੇ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਵਿਚ 3 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ ਦੁਸ਼ਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਕੀਤਾ ਗਿਆ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਦੇ ਫ਼ੈਸਲਿਆਂ ਦਾ ਵੇਰਵਾ ਦਿੱਤਾ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਕੈਬਨਿਟ ਨੇ 4.92 ਮਿਲੀਅਨ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ 6.87 ਮਿਲੀਅਨ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਲਈ 3 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਇਸ ਦੇ ਨਾਲ ਦਰ ਮੂਲ ਤਨਖਾਹ ਅਤੇ ਪੈਨਸ਼ਨ ਦੇ 55 ਪ੍ਰਤੀਸ਼ਤ ਤੋਂ ਵਧ ਕੇ 58 ਪ੍ਰਤੀਸ਼ਤ ਹੋ ਗਈ ਹੈ। ਇਹ ਵਾਧਾ 1 ਜੁਲਾਈ, 2025 ਤੋਂ ਲਾਗੂ ਹੋਵੇਗਾ। ਜੁਲਾਈ, ਅਗਸਤ ਅਤੇ ਸਤੰਬਰ ਦੇ ਬਕਾਏ ਦੀਵਾਲੀ ਤੋਂ ਠੀਕ ਪਹਿਲਾਂ ਅਕਤੂਬਰ ਦੀ ਤਨਖਾਹ ਦੇ ਨਾਲ ਅਦਾ ਕੀਤੇ ਜਾਣਗੇ।
ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕੈਬਨਿਟ ਮੀਟਿੰਗ ਵਿਚ ਲਏ ਗਏ ਫੈਸਲਿਆਂ ਦੇ ਵੇਰਵੇ ਦਿੰਦੇ ਹੋਏ ਕਿਹਾ ਕਿ ਵਾਧੇ ਨਾਲ ਸਰਕਾਰੀ ਖਜ਼ਾਨੇ ’ਤੇ ਪ੍ਰਤੀ ਸਾਲ ਕੁੱਲ 10,083.96 ਕਰੋੜ ਰੁਪਏ ਦਾ ਬੋਝ ਪਵੇਗਾ। ਇਹ ਵਾਧਾ 7ਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਪ੍ਰਵਾਨਿਤ ਫਾਰਮੂਲੇ ਦੇ ਅਨੁਸਾਰ ਹੈ।
ਸਰਕਾਰੀ ਸੂਤਰਾਂ ਅਨੁਸਾਰ ਮਹਿੰਗਾਈ ਭੱਤੇ ਵਿਚ ਵਾਧਾ 7ਵੇਂ ਤਨਖਾਹ ਕਮਿਸ਼ਨ ਦੇ ਅਧੀਨ ਆਉਣ ਵਾਲੇ ਸਾਰੇ ਕੇਂਦਰੀ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ’ਤੇ ਲਾਗੂ ਹੋਵੇਗਾ।