ਪੰਜਾਬ 'ਚ 12,000 ਕਰੋੜ ਰੁਪਏ ਦੇ ਐਸ. ਡੀ. ਆਰ. ਐਫ. ਫੰਡ ਦਾ ਹਿਸਾਬ ਦੇਵੇ ਸੂਬਾ ਸਰਕਾਰ - ਅਸ਼ਵਨੀ ਸ਼ਰਮਾ

ਪਠਾਨਕੋਟ, 1 ਅਕਤੂਬਰ (ਸੰਧੂ)-ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਪਠਾਨਕੋਟ ਵਿਚ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਪੰਜਾਬ ਦੀ ਮੌਜੂਦਾ ਸਥਿਤੀ, ਖਾਸ ਕਰਕੇ ਹੜ੍ਹਾਂ ਤੋਂ ਬਾਅਦ ਪੈਦਾ ਹੋਈਆਂ ਚੁਣੌਤੀਆਂ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ ਵਿਚ 12,000 ਕਰੋੜ ਰੁਪਏ ਦੀ ਕਥਿਤ ਦੁਰਵਰਤੋਂ ਲਈ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਐਸ. ਡੀ. ਆਰ. ਐਫ. ਫੰਡ ਵਿਚ 12,000 ਕਰੋੜ ਰੁਪਏ ਤੋਂ ਵੱਧ ਦੀ ਮੌਜੂਦਗੀ ਦੇ ਬਾਵਜੂਦ ਪੰਜਾਬ ਸਰਕਾਰ ਕੇਂਦਰ ਤੋਂ ਆਫ਼ਤ ਰਾਹਤ ਪੈਕੇਜ ਦੀ ਮੰਗ ਕਰ ਰਹੀ ਹੈ।
ਉਨ੍ਹਾਂ ਸਵਾਲ ਕੀਤਾ ਕਿ ਹੜ੍ਹਾਂ ਨੇ ਜਨਤਾ ਨੂੰ ਤਬਾਹ ਕਰ ਦਿੱਤਾ ਹੈ ਪਰ ਰਾਹਤ ਲਈ ਰੱਖੇ ਗਏ 12,000 ਕਰੋੜ ਰੁਪਏ ਦੀ ਵਰਤੋਂ ਕਿਉਂ ਨਹੀਂ ਕੀਤੀ ਗਈ? ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਪੈਸਾ ਕਿਥੇ ਗਿਆ ਅਤੇ ਇਸ ਦੀ ਵਰਤੋਂ ਕਿਸ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਫੰਡ ਦੀ ਸਥਿਤੀ ਬਾਰੇ ਤੁਰੰਤ ਇਕ ਵ੍ਹਾਈਟ ਪੇਪਰ ਜਾਰੀ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ ਅਤੇ ਸੂਬੇ ਦੀ ਆਰਥਿਕਤਾ ਡਗਮਗਾ ਰਹੀ ਹੈ। ਉਨ੍ਹਾਂ ਨੇ ਹੜ੍ਹ ਪ੍ਰਬੰਧਨ ਵਿਚ ਸਰਕਾਰ ਦੀ ਅਸਫਲਤਾ ਨੂੰ "ਮਨੁੱਖ ਦੁਆਰਾ ਬਣਾਈ ਆਫ਼ਤ" ਕਰਾਰ ਦਿੱਤਾ ਅਤੇ ਕਿਹਾ ਕਿ ਸਰਕਾਰ ਨੂੰ ਤੁਰੰਤ ਰਾਜਨੀਤੀ ਨੂੰ ਇਕ ਪਾਸੇ ਰੱਖ ਕੇ ਜਨਤਕ ਹਿੱਤਾਂ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਸਾਬਕਾ ਮੰਤਰੀ ਦਿਨੇਸ਼ ਸਿੰਘ ਬੱਬੂ, ਭਾਜਪਾ ਪੰਜਾਬ ਸਕੱਤਰ ਸੁਰੇਸ਼ ਸ਼ਰਮਾ, ਭਾਜਪਾ ਮੰਡਲ ਪ੍ਰਧਾਨ ਨਿਪੁਣ ਗੁਪਤਾ, ਅਨਿਲ ਵਾਸੂਦੇਵਾ ਅਤੇ ਪਠਾਨਕੋਟ ਨਗਰ ਕੌਂਸਲ ਵਿਚ ਵਿਰੋਧੀ ਧਿਰ ਦੇ ਨੇਤਾ ਰੋਹਿਤ ਪੁਰੀ ਸਮੇਤ ਹੋਰ ਸੀਨੀਅਰ ਆਗੂ ਸ਼ਾਮਿਲ ਸਨ।