ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪਿੰਡ ਸਰੂਪਵਾਲਾ ਵਿਖੇ ਹੜ੍ਹ ਰਾਹਤ ਸਮੱਗਰੀ ਵੰਡੀ

ਸੁਲਤਾਨਪੁਰ ਲੋਧੀ, 1 ਅਕਤੂਬਰ (ਥਿੰਦ, ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰੇ ਸਮੇਂ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਵਿਚ ਹੜ੍ਹ ਰਾਹਤ ਅਤੇ ਮੁੜ ਵਸੇਬੇ ਲਈ ਕੇਂਦਰ ਵਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ। ਗ੍ਰਹਿ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਹਿਲਾਂ ਹੀ ਪੰਜਾਬ ਸਰਕਾਰ ਕੋਲ ਐੱਸ.ਡੀ.ਆਰ.ਐੱਫ. ਫੰਡ ਵਿਚ 12,589 ਕਰੋੜ ਰੁਪਏ ਪਏ ਹਨ। ਭਾਰਤ ਦੇ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਅਤੇ 1600 ਕਰੋੜ ਦੇ ਸ਼ੁਰੂਆਤੀ ਰਾਹਤ ਪੈਕੇਜ ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਨੂੰ 805 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਸੁਲਤਾਨਪੁਰ ਲੋਧੀ ਦੇ ਸਭ ਤੋਂ ਵੱਧ ਪ੍ਰਭਾਵਿਤ ਪਿੰਡਾਂ ਵਿਚੋਂ ਇਕ ਪਿੰਡ ਸਰੂਪਵਾਲਾ ਦੇ ਆਪਣੇ ਦੌਰੇ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਰਵਨੀਤ ਸਿੰਘ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ। ਪੰਜਾਬੀ ਹਮੇਸ਼ਾ ਦੇਸ਼ ਲਈ ਲੜਦੇ ਰਹੇ ਹਨ ਅਤੇ ਭਾਰਤ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਰਹੇ ਹਨ। ਅਜਿਹੇ ਸਮੇਂ ਜਦੋਂ ਸੂਬਾ ਗੰਭੀਰ ਹੜ੍ਹ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤਾਂ ਕੇਂਦਰ ਸਰਕਾਰ ਪੰਜਾਬ ਨੂੰ ਮੁੜ ਆਮ ਸਥਿਤੀ ਵਿਚ ਲਿਆਉਣ ਵਿਚ ਮਦਦ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।